ਪੰਜਾਬ ਕਾਂਗਰਸ ਦੇ ਆਗੂਆਂ ਨੇ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਨਾਲ ਸੰਸਦੀ ਚੋਣਾਂ ਵਿਚ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਦਾ ਕੱਲ੍ਹ ਸਖ਼ਤ ਵਿਰੋਧ ਕੀਤਾ ਸੀ।
ਹਾਲਾਂਕਿ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਇਸ਼ਾਰਾ ਕੀਤਾ ਹੈ ਕਿ ਦੇਸ਼ ਦੇ ਹਿੱਤ ਵਿਚ ਲੋਕ ਸਭਾ ਚੋਣਾਂ ਮਿਲ ਕੇ ਲੜਨੀਆਂ ਪੈਣਗੀਆਂ। ਸਿੱਧੂ ਨੇ ਟਵੀਟ ਕਰਕੇ ਲਿੱਖਿਆ ਹੈ- ਪਾਰਟੀ ਹਾਈ ਕਮਾਂਡ ਦਾ ਫੈਸਲਾ ਸਰਵਉੱਚ ਹੈ। ਰਾਸ਼ਟਰੀ ਹਿੱਤਾਂ ਨੂੰ ਸਭ ਤੋਂ ਉਪਰ ਰੱਖਿਆ ਜਾਣਾ ਚਾਹੀਦਾ ਹੈ। ਚੋਣਾਂ ਅਗਲੀਆਂ ਚੋਣਾਂ ਲਈ ਨਹੀਂ ਲੜੀਆਂ ਜਾਂਦੀਆਂ, ਅਗਲੀਆਂ ਪੀੜ੍ਹੀਆਂ ਲਈ ਲੜੀਆਂ ਜਾਂਦੀਆਂ ਹਨ।
ਦੱਸਣਯੋਗ ਹੈ ਕਿ ਹਾਲ ਹੀ ਵਿਚ ਵਿੱਤ ਮੰਤਰੀ ਤੇ ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਰਾਜ ਵਿਚ ਸੰਸਦੀ ਚੋਣਾਂ ਕਾਂਗਰਸ ਨਾਲ ਗੱਠਜੋੜ ਕਰ ਕੇ ਲੜੇਗੀ ਤਾਂ ਕਿ ਮੁਲਕ ਨੂੰ ਬਚਾਇਆ ਜਾ ਸਕੇ।