ਆਪਣਾ ਪੰਜਾਬ ਮੀਡੀਆ : ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਆਪਣੀ ਪਾਰਟੀ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਮੁਅੱਤਲ (ਸਸਪੈਂਡ) ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਕਾਰਵਾਈ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਅਤੇ ਪ੍ਰਗਟਾਵੇ ਦੀ ਆਜ਼ਾਦੀ ‘ਤੇ ਰੋਕ ਲਗਾਉਣ ਦੇ ਮਕਸਦ ਨਾਲ ਕੀਤੀ ਗਈ ਹੈ। ਕੰਵਰਪਾਲ ਸਿੰਘ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਾਰਤ ਵਿੱਚ ਉਨ੍ਹਾਂ ਦੀ ਆਵਾਜ਼ ਦਾ ਗਲਾ ਘੁੱਟਿਆ ਜਾ ਰਿਹਾ ਹੈ ਅਤੇ ਇਸੇ ਤਹਿਤ ਬੀਤੇ ਦਿਨ ਪਾਰਟੀ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਕਰ ਦਿੱਤਾ ਗਿਆ।
ਕੰਵਰਪਾਲ ਸਿੰਘ ਨੇ ਦਾਅਵਾ ਕੀਤਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਭਾਰਤ ਸਰਕਾਰ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਦਾ ‘X’ (ਪੁਰਾਣਾ ਟਵਿੱਟਰ) ਅਕਾਊਂਟ ਵੀ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦਲ ਖਾਲਸਾ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ਵਿਰੁੱਧ ਵਾਰ-ਵਾਰ ਕੀਤੀ ਜਾ ਰਹੀ ਇਹ ਕਾਰਵਾਈ ਜਮਹੂਰੀ ਹੱਕਾਂ ਨੂੰ ਕੁਚਲਣ ਦੇ ਇੱਕ ਵੱਡੇ ਪੈਟਰਨ ਵੱਲ ਇਸ਼ਾਰਾ ਕਰਦੀ ਹੈ। ਉਨ੍ਹਾਂ ਨੇ ਮੁਅੱਤਲ ਕੀਤੇ ਗਏ ਅਕਾਊਂਟ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਅਤੇ ਬੋਲਣ ਦੀ ਆਜ਼ਾਦੀ ਦੀ ਰਾਖੀ ਕਰਨ ਦੀ ਅਪੀਲ ਕੀਤੀ।

