ਐਡਵੋਕੇਟ ਜਨਰਲ ਨੇ ਸੁਪਰੀਮ ਕੋਰਟ ’ਚ ਕੀਤਾ ਦਾਅਵਾ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੁਪਰੀਮ ਕੋਰਟ ’ਚ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਪਾਣੀ ਪੀ ਕੇ 123 ਦਿਨਾਂ ਤੋਂ ਚਲਿਆ ਆ ਰਿਹਾ ਆਪਣਾ ਮਰਨ ਵਰਤ ਤੋੜ ਦਿੱਤਾ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ ਕੋਟੀਸ਼ਵਰ ਸਿੰਘ ਦੇ ਬੈਂਚ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਨੇ ਦੱਸਿਆ, ‘‘ਮੈਂ ਤੁਹਾਡੇ ਨੋਟਿਸ ’ਚ ਇਕ ਹੋਰ ਹਾਂ-ਪੱਖੀ ਤੱਥ ਪੇਸ਼ ਕਰਨਾ ਚਾਹੁੰਦਾ ਹਾਂ। ਅਦਾਲਤ ਦੇ ਦਖ਼ਲ ਨਾਲ ਸ੍ਰੀ ਡੱਲੇਵਾਲ ਨੇ ਅੱਜ ਪਾਣੀ ਪੀ ਲਿਆ ਅਤੇ ਆਪਣਾ ਮਰਨ ਵਰਤ ਤੋੜ ਦਿੱਤਾ ਹੈ।’’ ਇਸ ਘਟਨਾਕ੍ਰਮ ਦਾ ਸਵਾਗਤ ਕਰਦਿਆਂ ਜਸਟਿਸ ਸੂਰਿਆਕਾਂਤ ਨੇ ਕਿਹਾ, ‘‘ਅਸੀਂ ਉਨ੍ਹਾਂ (ਡੱਲੇਵਾਲ) ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ। ਅਸੀਂ ਆਖਦੇ ਆ ਰਹੇ ਹਾਂ ਕਿ ਉਹ ਸੱਚੇ-ਸੁੱਚੇ ਕਿਸਾਨ ਆਗੂ ਹਨ ਅਤੇ ਉਨ੍ਹਾਂ ਦਾ ਕੋਈ ਸਿਆਸੀ ਏਜੰਡਾ ਨਹੀਂ ਹੈ। ਉਹ ਅਜਿਹੇ ਵਿਅਕਤੀ ਹਨ ਜੋ ਕਿਸਾਨਾਂ ਦੀਆਂ ਜਾਇਜ਼ ਮੰਗਾਂ ਚੁੱਕਦੇ ਹਨ। ਅਜਿਹੇ ਵੀ ਲੋਕ ਹਨ ਜੋ ਕਦੇ ਵੀ ਸਮਝੌਤਾ ਨਹੀਂ ਹੋਣ ਦੇਣਾ ਚਾਹੁਣਗੇ।