ਦਮਦਮੀ ਟਕਸਾਲ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਮੀਟਿੰਗ ਮਗਰੋਂ ਬਣੀ ਸਹਿਮਤੀ
ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰਾਂ ਦੇ ਮਸਲੇ ਦਾ ਸਰਵ ਪ੍ਰਵਾਨਤ ਹੱਲ ਕੱਢਣ ਦਾ ਭਰੋਸਾ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਚਾਲੇ ਅੱਜ ਮੁੜ ਹੋਈ ਮੀਟਿੰਗ ਤੋਂ ਬਾਅਦ ਦਮਦਮੀ ਟਕਸਾਲ ਨੇ 11 ਜੂਨ ਨੂੰ ਪਿੰਡ ਬਾਦਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਦੇ ਬਾਹਰ ਦਿੱਤਾ ਜਾਣ ਵਾਲਾ ਧਰਨਾ ਫਿਲਹਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਹ ਮੀਟਿੰਗ ਬਾਅਦ ਦੁਪਹਿਰ ਹੋਈ ਅਤੇ ਸ਼ਾਮ ਤੱਕ ਚੱਲੀ ਹੈ।
ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਦੋਂਕਿ ਦੂਜੇ ਪਾਸੇ ਦਮਦਮੀ ਟਕਸਾਲ ਦੇ ਮੁਖੀ ਤੇ ਉਨ੍ਹਾਂ ਦੇ ਹੋਰ ਸਮਰਥਕ ਸ਼ਾਮਲ ਸਨ। ਮੀਟਿੰਗ ਉਪਰੰਤ ਟਕਸਾਲ ਦੇ ਬੁਲਾਰੇ ਨੇ ਬਾਬਾ ਹਰਨਾਮ ਸਿੰਘ ਖਾਲਸਾ ਦੇ ਹਵਾਲੇ ਨਾਲ ਜਾਣਕਾਰੀ ਦਿੱਤੀ ਹੈ ਕਿ 11 ਜੂਨ ਨੂੰ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਦੇ ਬਾਹਰ ਦਿੱਤੇ ਜਾਣ ਵਾਲਾ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਦਮਦਮੀ ਟਕਸਾਲ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਹਟਾਏ ਗਏ ਜਥੇਦਾਰਾਂ ਨੂੰ ਬਹਾਲ ਕਰਨ ਦੀ ਦਮਦਮੀ ਟਕਸਾਲ ਦੀ ਮੰਗ ਦੇ ਮਾਮਲੇ ਬਾਰੇ ਜਲਦੀ ਹੀ ਫੈਸਲਾ ਕੀਤਾ ਜਾਵੇਗਾ।