ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਅਮਰੀਕਾ ਦਾ ਫ਼ੌਜੀ ਜਹਾਜ਼ ਪੰਜਾਬ ’ਚ ਉਤਾਰੇ ਜਾਣ ਤੋਂ ਕੇਂਦਰ ਸਰਕਾਰ ਸਿਆਸੀ ਧਿਰਾਂ ਦੇ ਨਿਸ਼ਾਨੇ ’ਤੇ ਆ ਗਈ ਹੈ। ਸਿਆਸੀ ਧਿਰਾਂ ਨੇ ਇਸ ਨੂੰ ਇੱਕ ਸਾਜ਼ਿਸ਼ ਕਰਾਰ ਦਿੱਤਾ ਹੈ ਤਾਂ ਕਿ ‘ਗੁਜਰਾਤ ਮਾਡਲ’ ਦੀ ਭੱਲ ਬਚਾਈ ਜਾ ਸਕੇ ਅਤੇ ਪੰਜਾਬ ਨੂੰ ਬਦਨਾਮ ਕੀਤਾ ਜਾ ਸਕੇ। ਲੰਘੇ ਕੱਲ੍ਹ ਅਮਰੀਕਾ ਦਾ ਫ਼ੌਜੀ ਜਹਾਜ਼ 104 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਪੁੱਜਿਆ ਸੀ। ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਲਈ ਸਮਾਂ ਮੰਗਿਆ ਹੈ। ਧਾਲੀਵਾਲ ਨੇ ਕਿਹਾ ਕਿ ਮਨੁੱਖੀ ਤਸਕਰੀ ਦਾ ਧੰਦਾ ਕੌਮਾਂਤਰੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਭਾਰਤ ’ਚ ਮਨੁੱਖੀ ਤਸਕਰੀ ਦਾ ਕੰਮ ਮੁੰਬਈ ਅਤੇ ਦਿੱਲੀ ਦੇ ਹਵਾਈ ਅੱਡੇ ਤੋਂ ਚੱਲ ਰਿਹਾ ਹੈ। ਦੁਬਈ ਦੇ ਏਜੰਟਾਂ ਦੀ ਵੀ ’ਚ ਇਸ ’ਚ ਸ਼ਮੂਲੀਅਤ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਡਿਪੋਰਟ ਦੀ ਘਟਨਾ ਜ਼ਰੀਏ ਪੰਜਾਬ ਦੀ ਝੋਲੀ ਬਦਨਾਮੀ ਪਾਉਣ ਦੇ ਚੱਕਰ ਵਿਚ ਹੈ।