ਤਖਤ ਸ੍ਰੀ ਹਰਿਮੰਦਰ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖ਼ਤਮ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਅੱਜ ਅਚਨਚੇਤੀ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਸਿੱਖ ਪ੍ਰਚਾਰਕ ਕੁਲਦੀਪ ਸਿੰਘ ਗੜਗੱਜ ਨੂੰ ਅਕਾਲ ਤਖ਼ਤ ਦਾ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਸੰਤ ਟੇਕ ਸਿੰਘ ਧਨੌਲਾ ਨੂੰ ਤਖ਼ਤ ਦਮਦਮਾ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਗਿਆ ਹੈ। ਉੱਧਰ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਸੱਦ ਲਿਆ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ੇ ਦਾ ਮਾਮਲਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਹੈ ਅਤੇ ਉਹ ਹੁਣ ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ। ਇਸੇ ਤਰ੍ਹਾਂ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਪਾਸੋਂ ਵੀ ਜਥੇਦਾਰ ਦਾ ਚਾਰਜ ਵਾਪਸ ਲਿਆ ਗਿਆ ਹੈ ਅਤੇ ਉਹ ਪਹਿਲਾਂ ਦੀ ਤਰ੍ਹਾਂ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਸੇਵਾਵਾਂ ਜਾਰੀ ਰੱਖਣਗੇ।