ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਹਿਮਾਚਲ ਪ੍ਰਦੇਸ਼ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੁਲੀਸ ਦੀ ਮੌਜੂਦਗੀ ਵਿੱਚ ਸਿੱਖ ਨੌਜਵਾਨਾਂ ਦੇ ਵਾਹਨਾਂ ’ਤੇ ਲਗਾਏ ਝੰਡੇ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਪਾੜਨ ਅਤੇ ਪੈਰਾਂ ਹੇਠ ਮਧੋਲਣ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਮਾਮਲਾ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਉਠਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਜਾਪਦਾ ਹੈ ਜਿਵੇਂ ਹਿਮਾਚਲ ਪੁਲੀਸ ਸਥਾਨਕ ਸ਼ਰਾਰਤੀ ਅਨਸਰਾਂ ਦੀ ਕਠਪੁਤਲੀ ਹੈ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਹਿਮਾਚਲ ਜਾਣ ਸਮੇਂ ਵਾਹਨਾਂ ਦੇ ਕਾਗਜ਼ ਪੂਰੇ ਰੱਖਣ ਅਤੇ ਇਕੱਲੇ ਸਫ਼ਰ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।