ਤੇਲ ਦੀ ਕਿੱਲਤ ਦੀਆਂ ਅਫ਼ਵਾਹਾਂ ਤੋਂ ਲੋਕ ਪਰੇਸ਼ਾਨ; ਕੇਂਦਰ ਸਰਕਾਰ ਸਥਿਤੀ ਸਾਫ਼ ਕਰੇ: ਵੜਿੰਗ

News Online
2 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਤੇਲ ਦੀ ਰਾਸ਼ਨਿੰਗ (ਲਿਮਟ ਤੈਅ ਕਰਨ) ਦੀਆਂ ਰਿਪੋਰਟਾਂ ‘ਤੇ ਭਾਰਤ ਸਰਕਾਰ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੋਈ ਸਪੱਸ਼ਟੀਕਰਨ ਜਾਂ ਭਰੋਸਾ ਨਾ ਮਿਲਣ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।

ਚੰਡੀਗੜ੍ਹ ਸਮੇਤ ਵੱਖ-ਵੱਖ ਸੂਬਿਆਂ ਵਿੱਚ ਤੇਲ ਦੀ ਰਾਸ਼ਨਿੰਗ ਸ਼ੁਰੂ ਹੋਣ ਦੀਆਂ ਰਿਪੋਰਟਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ, “ਇਹ ਆਉਣ ਵਾਲੇ ਸਮੇਂ ਲਈ ਬਹੁਤ ਹੀ ਚਿੰਤਾਜਨਕ ਸੰਕੇਤ ਹੈ। ਜੇਕਰ ਅਸੀਂ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਲਈ ਲੋੜੀਂਦਾ ਬਾਲਣ (ਤੇਲ) ਨਹੀਂ ਜੁਟਾ ਸਕਦੇ, ਤਾਂ ਇਸ ਨਾਲ ਆਰਥਿਕਤਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਅਤੇ ਖਾਸ ਕਰਕੇ ਪ੍ਰਧਾਨ ਮੰਤਰੀ ਨੂੰ ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਜਦੋਂ ਦੇਸ਼ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਸਾਡੇ ਪ੍ਰਧਾਨ ਮੰਤਰੀ ਵਿਦੇਸ਼ ਯਾਤਰਾਵਾਂ ਵਿੱਚ ਰੁੱਝੇ ਹੋਏ ਹਨ।

ਲੁਧਿਆਣਾ ਦੇ ਸੰਸਦ ਮੈਂਬਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਦੇ ਸਾਹਮਣੇ ਖੜ੍ਹੇ ਊਰਜਾ ਅਤੇ ਆਰਥਿਕ ਸੰਕਟ ‘ਤੇ ਚਰਚਾ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ। ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦਾ ਹਵਾਲਾ ਦਿੰਦੇ ਹੋਏ, ਜਿਨ੍ਹਾਂ ਨੇ ਪਹਿਲਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ, ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਲਗਾਤਾਰ ਚੇਤਾਵਨੀ ਦਿੱਤੀ ਸੀ ਕਿ ਦੇਸ਼ ਦੀ ਆਰਥਿਕ ਸਥਿਤੀ ਕਮਜ਼ੋਰ ਹੋ ਰਹੀ ਹੈ ਅਤੇ ਜ਼ਮੀਨੀ ਹਕੀਕਤ ਠੀਕ ਨਹੀਂ ਹੈ।

Share This Article
Leave a Comment

Leave a Reply