ਸੰਗਰੂਰ : ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੇ ਫੈਸਲੇ ਨੂੰ ਸਿੱਖ ਭਾਵਨਾਵਾਂ ਦੇ ਉਲਟ ਦੱਸਦਿਆਂ ਕਿਹਾ ਕਿ ਇਹ ਫੈਸਲਾ ਸੁਖਬੀਰ ਸਿੰਘ ਬਾਦਲ ਦੇ ਦਬਾਅ ਹੇਠ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਪਹਿਲਾਂ ਹੀ ਇਸ ਦਾ ਖ਼ਦਸ਼ਾ ਸੀ ਅਤੇ ਇਹ ਫੈਸਲਾ ਸਿੱਖ ਇਤਿਹਾਸ ਦੇ ਕਾਲੇ ਪੰਨਿਆਂ ਉੱਤੇ ਲਿਖਿਆ ਜਾਵੇਗਾ। ਢੀਂਡਸਾ ਨੇ ਇਕ ਬਿਆਨ ਵਿਚ ਕਿਹਾ ਕਿ ਸਮੁੱਚਾ ਸਿੱਖ ਜਗਤ ਜਾਣਦਾ ਹੈ ਕਿ ਇੱਕ ਪਰਿਵਾਰ ਨੇ ਕਿਵੇਂ ਪੰਥਕ ਸੰਸਥਾਵਾਂ, ਸਿਧਾਂਤਾਂ ਤੇ ਮਰਿਆਦਾ ਨੂੰ ਵੱਡੀ ਢਾਹ ਲਾਈ। ਗਿਆਨੀ ਹਰਪ੍ਰੀਤ ਸਿੰਘ ਨੇ ਪੂਰੀ ਦ੍ਰਿੜ੍ਹਤਾ ਤੇ ਦਲੇਰੀ ਨਾਲ ਸਿੱਖ ਪੰਥ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਅਕਾਲ ਤਖ਼ਤ ਸਾਹਿਬ ਦੇ ਮਾਣ ਨੂੰ ਉੱਚਾ ਚੁੱਕਣ ਲਈ ਵੱਡੇ ਤੋਂ ਵੱਡੇ ਆਗੂਆਂ ਨੂੰ ਗਲਤੀਆਂ ਦਾ ਅਹਿਸਾਸ ਕਰਵਾਉਣ ਵਿੱਚ ਅਹਿਮ ਰੋਲ ਨਿਭਾਇਆ ਤੇ ਤਨਖਾਹ ਲਵਾਈ।