ਗੁਰੂ ਹਰਿਰਾਏ ਜੀ ਦਾ ਗੁਰਗੱਦੀ ਦਿਵਸ ਵਾਤਾਵਰਨ ਦਿਵਸ ਵਜੋਂ ਮਨਾਇਆ, ਸੰਗਤਾਂ ਨੂੰ ਬੂਟੇ ਲਗਾਉਣ ਲਈ ਦਿੱਤੀ ਪ੍ਰੇਰਨਾ

News Online
2 Min Read

ਆਪਣਾ ਪੰਜਾਬ ਮੀਡੀਆ : ਸੱਤਵੇਂ ਪਾਤਸ਼ਾਹ ਗੁਰੂ ਹਰਿਰਾਏ ਜੀ ਦਾ ਗੁਰਗੱਦੀ ਦਿਵਸ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦਿਵਸ ਵਜੋਂ ਮਨਾਇਆ ਗਿਆ। ਇਸ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਬਲਵਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ ਅਤੇ ਗੁਰੂ ਹਰਿਰਾਏ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ।

ਉਨ੍ਹਾਂ ਕਿਹਾ ਕਿ ਸੱਤਵੇਂ ਗੁਰੂ ਨੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਬਾਗ਼ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ। ਨੁਮਾਇੰਦਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਗੁਰਤਾਗੱਦੀ ਦਿਵਸ ਨੂੰ ਹਰ ਸਾਲ ਵਾਤਾਵਰਨ ਦਿਵਸ ਵਜੋਂ ਮਨਾ ਕੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ ਅਨੁਸਾਰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਰਾਏ ਸਾਹਿਬ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੱਤੀ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਪ੍ਰੇਰਨਾ ਦਿੱਤੀ। ਇਸੇ ਦੌਰਾਨ, ਗਿਆਨੀ ਬਲਜੀਤ ਸਿੰਘ ਤੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚਕਾਰ ਸਥਿਤ ਗੁਰੂ ਕੇ ਬਾਗ ਵਿੱਚ ਬੂਟੇ ਲਗਾ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਜਗਦੀਸ਼ ਸਿੰਘ ਬੁੱਟਰ, ਗੁਰਪ੍ਰਤਾਪ ਸਿੰਘ ਆਦਿ ਮੌਜੂਦ ਸਨ।

Share This Article
Leave a Comment

Leave a Reply