ਆਪਣਾ ਪੰਜਾਬ ਮੀਡੀਆ : ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਜੰਗ ਕਾਰਨ ਬੰਦ ਹੋਏ ਮਹੱਤਵਪੂਰਨ ਸਮੁੰਦਰੀ ਮਾਰਗ ‘ਹੋਰਮੁਜ਼ ਜਲਮਾਰਗ’ (Strait of Hormuz) ਨੂੰ ਮੁੜ ਖੋਲ੍ਹਣ ਲਈ ਕੂਟਨੀਤਕ ਅਤੇ ਸਿਆਸੀ ਦਬਾਅ ਬਣਾਉਣ ਦੇ ਉਦੇਸ਼ ਨਾਲ ਵੀਰਵਾਰ ਨੂੰ ਲਗਪਗ ਸਾਢੇ ਤਿੰਨ ਦਰਜਨ ਦੇਸ਼ ਮੀਟਿੰਗ ਕਰਨਗੇ।
ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਕਿਹਾ ਕਿ ਵਿਦੇਸ਼ ਮੰਤਰੀ ਯਵੇਟ ਕੂਪਰ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਹ ਵਰਚੁਅਲ ਮੀਟਿੰਗ ਸਮੁੰਦਰੀ ਆਵਾਜਾਈ ਦੀ ਆਜ਼ਾਦੀ ਨੂੰ ਬਹਾਲ ਕਰਨ, ਫਸੇ ਹੋਏ ਜਹਾਜ਼ਾਂ ਅਤੇ ਮਲਾਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਜ਼ਰੂਰੀ ਵਸਤਾਂ ਦੀ ਆਵਾਜਾਈ ਨੂੰ ਮੁੜ ਸ਼ੁਰੂ ਕਰਨ ਲਈ ਸਾਰੇ ਵਿਹਾਰਕ ਕੂਟਨੀਤਕ ਅਤੇ ਸਿਆਸੀ ਉਪਾਵਾਂ ਦਾ ਜਾਇਜ਼ਾ ਲਵੇਗੀ।
ਇਸ ਦੌਰਾਨ ਬ੍ਰਿਟੇਨ, ਫਰਾਂਸ, ਜਰਮਨੀ, ਇਟਲੀ, ਕੈਨੇਡਾ, ਜਾਪਾਨ ਅਤੇ ਸੰਯੁਕਤ ਅਰਬ ਅਮੀਰਾਤ ਸਮੇਤ 35 ਦੇਸ਼ਾਂ ਨੇ ਇੱਕ ਬਿਆਨ ‘ਤੇ ਦਸਤਖਤ ਕੀਤੇ ਹਨ, ਜਿਸ ਵਿੱਚ ਇਰਾਨ ਤੋਂ ਜਲਮਾਰਗ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਬੰਦ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਸੁਰੱਖਿਅਤ ਲੰਘਣ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਯਤਨਾਂ ਵਿੱਚ ਯੋਗਦਾਨ ਪਾਉਣ ਦਾ ਅਹਿਦ ਲਿਆ ਗਿਆ ਹੈ।

