ਆਪਣਾ ਪੰਜਾਬ ਮੀਡਿਆ : ਭਾਰਤ ਸਰਕਾਰ ਨੇ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਜੰਗ ਦੌਰਾਨ ਇਰਾਨ ਤੋਂ 1,200 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ। ਨਵੀਂ ਦਿੱਲੀ ਵਿੱਚ ਇੱਕ ਅਹਿਮ ਮੀਟਿੰਗ ਦੌਰਾਨ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਇਹ ਨਿਕਾਸੀ ਅਰਮੀਨੀਆ ਅਤੇ ਅਜ਼ਰਬਾਈਜਾਨ ਦੇ ਰਸਤੇ ਕੀਤੀ ਜਾ ਰਹੀ ਹੈ ਅਤੇ ਕੇਂਦਰ ਸਰਕਾਰ ਜ਼ਮੀਨੀ ਪੱਧਰ ‘ਤੇ ਇਨ੍ਹਾਂ ਯਤਨਾਂ ਦੀ ਨਿਗਰਾਨੀ ਕਰ ਰਹੀ ਹੈ।
ਰਣਧੀਰ ਜੈਸਵਾਲ ਮੁਤਾਬਕ ਕੱਢੇ ਗਏ 1,200 ਨਾਗਰਿਕਾਂ ਵਿੱਚ 845 ਵਿਦਿਆਰਥੀ ਹਨ। ਇਨ੍ਹਾਂ ਵਿੱਚ 996 ਅਰਮੀਨੀਆ ਪਹੁੰਚ ਚੁੱਕੇ ਹਨ ਅਤੇ 204 ਅਜ਼ਰਬਾਈਜਾਨ ਪਹੁੰਚੇ ਹਨ ਜਿੱਥੇ ਭਾਰਤੀ ਮਿਸ਼ਨ ਅਤੇ ਸਥਾਨਕ ਅਧਿਕਾਰੀ ਉਨ੍ਹਾਂ ਦੀ ਮਦਦ ਕਰ ਰਹੇ ਹਨ। ਇਨ੍ਹਾਂ ਸਾਰੇ ਨਾਗਰਿਕਾਂ ਨੂੰ ਭਾਰਤ ਵਾਪਸ ਲਿਆਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਅੰਤਰਰਾਸ਼ਟਰੀ ਸੰਕਟ ਨੂੰ ਹੱਲ ਕਰਨ ਲਈ ਦੁਨੀਆ ਭਰ ਦੇ ਨੇਤਾਵਾਂ ਨਾਲ ਗੱਲਬਾਤ ਕੀਤੀ ਹੈ। 28 ਮਾਰਚ ਨੂੰ ਉਨ੍ਹਾਂ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਊਰਜਾ ਦੇ ਬੁਨਿਆਦੀ ਢਾਂਚੇ ‘ਤੇ ਹੋਏ ਹਮਲਿਆਂ ਦੀ ਨਿੰਦਾ ਕਰਦਿਆਂ ਸਮੁੰਦਰੀ ਰਸਤਿਆਂ ਨੂੰ ਸੁਰੱਖਿਅਤ ਰੱਖਣ ਬਾਰੇ ਵੀ ਗੱਲ ਕੀਤੀ।

