ਆਪਣਾ ਪੰਜਾਬ ਮੀਡੀਆ : ਪੰਜਾਬ ਅਤੇ ਹਰਿਆਣਾ ਵਿੱਚ ਸੋਮਵਾਰ ਨੂੰ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਗਿਆ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਫਾਜ਼ਿਲਕਾ ਵਿਖੇ ਸੂੂਬਾ ਪੱਧਰੀ ਸਮਾਗਮ ਵਿੱਚ ਕੌਮੀਂ ਝੰਡਾ ਫਹਿਰਾਇਆ, ਜਦੋਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਮਾਨ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਵਾਲੇ ਹਥਿਆਰਬੰਦ ਬਲਾਂ ਨੂੰ ਸਲਾਮ ਕੀਤਾ। ਦੂਜੇ ਪਾਸੇ, ਹਰਿਆਣਾ ਦੇ ਰਾਜਪਾਲ ਅਸੀਮ ਕੁਮਾਰ ਘੋਸ਼ ਨੇ ਪੰਚਕੂਲਾ ਵਿੱਚ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਝੰਡਾ ਫਹਿਰਾ ਕੇ ਗਣਤੰਤਰ ਦਿਵਸ ਦੇ ਜਸ਼ਨਾਂ ਦੀ ਅਗਵਾਈ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਮੌਕੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਸੋਸ਼ਲ ਮੀਡੀਆ ਰਾਹੀਂ ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਲੋਕਤੰਤਰੀ ਆਦਰਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ‘ਵਿਕਸਿਤ ਭਾਰਤ’ ਅਤੇ ‘ਆਤਮਨਿਰਭਰ ਭਾਰਤ’ ਦੇ ਨਿਰਮਾਣ ਵਿੱਚ ਹਰ ਨਾਗਰਿਕ ਨੂੰ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਦੋਵਾਂ ਸੂਬਿਆਂ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਪੁਲੀਸ ਅਤੇ ਹੋਮ ਗਾਰਡ ਦੀਆਂ ਟੁਕੜੀਆਂ ਵੱਲੋਂ ਸ਼ਾਨਦਾਰ ਪਰੇਡਾਂ ਕੱਢੀਆਂ ਗਈਆਂ। ਸੁਰੱਖਿਆ ਦੇ ਲਿਹਾਜ਼ ਨਾਲ ਪੰਜਾਬ ਅਤੇ ਹਰਿਆਣਾ ਵਿੱਚ ਸਖ਼ਤ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਜਸ਼ਨ ਅਮਨ-ਅਮਾਨ ਨਾਲ ਨੇਪਰੇ ਚੜ੍ਹ ਸਕਣ।

