ਆਪਣਾ ਪੰਜਾਬ ਮੀਡੀਆ : ਦਿੱਲੀ ਦੀ ਰਾਉਜ਼ ਐਵਿਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਜੁੜੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਹੈ। ਇਸ ਹਿੰਸਕ ਘਟਨਾ ਵਿੱਚ 2 ਲੋਕਾਂ ਦੀ ਮੌਤ ਹੋਈ ਸੀ।
ਸੱਜਣ ਕੁਮਾਰ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦੇ ਖ਼ਿਲਾਫ਼ ਇੱਕ ਵੀ ਪੱਕਾ ਸਬੂਤ ਨਹੀਂ ਹੈ। ਲੰਮੇ ਸਮੇਂ ਬਾਅਦ ਅੱਜ ਰਾਊਜ਼ ਐਵੇਨਿਊ ਕੋਰਟ ਨੇ ਸੱਜਣ ਕੁਮਾਰ ਨੂੰ ਰਾਹਤ ਦਿੱਤੀ ਹੈ। ਜਦੋਂ ਅਦਾਲਤ ਨੇ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦੱਸਿਆ ਕਿ ਉਨ੍ਹਾਂ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਹੈ, ਤਾਂ ਸੱਜਣ ਕੁਮਾਰ ਨੇ ਦੋਵੇਂ ਹੱਥ ਜੋੜ ਕੇ ਅਦਾਲਤ ਦਾ ਧੰਨਵਾਦ ਕੀਤਾ। ਪਰ ਦੱਸ ਦਈਏ ਪਹਿਲਾਂ ਵਾਲੇ ਕੇਸਾਂ ‘ਚ ਉਨ੍ਹਾਂ ਨੂੰ ਉਮਰ ਕੈਦ ਮਿਲੀ ਹੋਈ, ਜਿਸ ਕਰਕੇ ਉਹ ਜੇਲ੍ਹ ਵਿੱਚ ਹੀ ਰਹਿਣਗੇ।
ਫਰਵਰੀ 2015 ਵਿੱਚ SIT ਨੇ ਸੱਜਣ ਕੁਮਾਰ ਖ਼ਿਲਾਫ਼ ਦੋ FIR ਦਰਜ ਕੀਤੀਆਂ ਸਨ। ਇਹ FIR ਦਿੱਲੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ 1984 ਦੇ ਦੰਗਿਆਂ ਦੌਰਾਨ ਹੋਈ ਹਿੰਸਾ ਨਾਲ ਜੁੜੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਦਰਜ ਕੀਤੀਆਂ ਗਈਆਂ ਸਨ।
ਪਹਿਲੀ FIR ਜਨਕਪੁਰੀ ਦੀ ਘਟਨਾ ਨਾਲ ਸੰਬੰਧਿਤ ਸੀ, ਜਿੱਥੇ 1 ਨਵੰਬਰ 1984 ਨੂੰ ਸੋਹਣ ਸਿੰਘ ਅਤੇ ਉਨ੍ਹਾਂ ਦੇ ਦਾਮਾਦ ਅਵਤਾਰ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਦੂਜੀ FIR ਵਿਕਾਸਪੁਰੀ ਦੀ ਘਟਨਾ ਨਾਲ ਜੁੜੀ ਹੋਈ ਸੀ, ਜਿਸ ਵਿੱਚ 2 ਨਵੰਬਰ 1984 ਨੂੰ ਗੁਰਚਰਨ ਸਿੰਘ ਨੂੰ ਜਿੰਦਾ ਸਾੜ ਦਿੱਤਾ ਗਿਆ ਸੀ। ਭਾਵੇਂ ਇਸ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਗਿਆ ਹੈ, ਪਰ ਫਿਲਹਾਲ ਉਹ ਜੇਲ੍ਹ ਵਿੱਚ ਹੀ ਰਹਿਣਗੇ।

