ਜਥੇਦਾਰਾਂ ਦਾ ਮਾਮਲਾ ਐਡਵੋਕੇਟ ਹਰਜਿੰਦਰ ਧਾਮੀ ਲਈ ਹੋਵੇਗਾ ਵੱਡੀ ਚੁਣੌਤੀ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਅਸਤੀਫਾ ਨਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਮੁੜ ਸਾਂਭਣ ਵਾਲੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਈ 28 ਮਾਰਚ ਨੂੰ ਹੋਣ ਵਾਲਾ ਬਜਟ ਇਜਲਾਸ ਅਤੇ ਇਸ ਮੌਕੇ ਦਮਦਮੀ ਟਕਸਾਲ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਜਾਣ ਵਾਲਾ ਰੋਸ ਪ੍ਰਦਰਸ਼ਨ ਦਾ ਮਸਲਾ ਹੱਲ ਕਰਨਾ ਵੱਡੀ ਚੁਣੌਤੀ ਸਾਬਤ ਹੋਵੇਗੀ। ਦਮਦਮੀ ਟਕਸਾਲ ਸਣੇ ਹੋਰ ਕਈ ਸਿੱਖ ਜਥੇਬੰਦੀਆਂ ਵੱਲੋਂ ਤਖ਼ਤ ਕੇਸਗੜ੍ਹ ਸਾਹਿਬ ਵਿਖੇ 14 ਮਾਰਚ ਨੂੰ ਕੀਤੇ ਗਏ ਇਕੱਠ ਵਿੱਚ ਤਖ਼ਤਾਂ ਦੇ ਜਥੇਦਾਰਾਂ ਦੀ ਸੇਵਾਮੁਕਤੀ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਗਿਆ ਸੀ। ਇਕੱਠ ਵਿੱਚ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਸੇਵਾਮੁਕਤ ਕੀਤੇ ਗਏ ਜਥੇਦਾਰਾਂ ਨੂੰ ਉਨ੍ਹਾਂ ਦੇ ਅਹੁਦਿਆਂ ’ਤੇ ਬਹਾਲ ਕਰੇ। ਇਸ ਮੰਗ ਨੂੰ ਲੈ ਕੇ ਟਕਸਾਲ ਵੱਲੋਂ 28 ਮਾਰਚ ਨੂੰ ਬਜਟ ਇਜਲਾਸ ਵਾਲੇ ਦਿਨ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਦੇ ਬਾਹਰ ਇਕੱਠ ਕਰਨ ਦਾ ਐਲਾਨ ਕੀਤਾ ਗਿਆ ਹੈ।