ਕਰੀਬ 26.50 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਜਲ ਸਪਲਾਈ ਯੋਜਨਾ ਦੇ ਪ੍ਰੋਜੈਕਟ ਇੱਕ ਸਾਲ ਅੰਦਰ ਹੋਣਗੇ ਮੁਕੰਮਲ: ਅਮਨ ਅਰੋੜਾ
ਚੀਮਾ/ਸੁਨਾਮ ਊਧਮ ਸਿੰਘ ਵਾਲਾ, 3 ਜਨਵਰੀ, 2024: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਨਵੇਂ ਸਾਲ ਦੀ ਸੌਗਾਤ ਵਜੋਂ ਚੀਮਾ ਵਿਖੇ ਦੋ ਹੋਰ ਅਹਿਮ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਨਿਵਾਸੀਆਂ ਨੂੰ ਮੁਬਾਰਕਬਾਦ ਭੇਟ ਕੀਤੀ। ਉਹਨਾਂ ਦੱਸਿਆ ਕਿ ਲਗਭਗ 26.50 ਕਰੋੜ ਰੁਪਏ ਦੀ ਲਾਗਤ ਵਾਲੇ ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ ਅੰਦਰ ਮੁਕੰਮਲ ਕਰਕੇ ਚੀਮਾ ਵਾਸੀਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅਮਰੁਤ ਯੋਜਨਾ ਤਹਿਤ ਚੀਮਾ ਵਿਖੇ ਲਗਭਗ 9.40 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਤਿਆਰ ਹੋਣ ਵਾਲੀ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਪਹਿਲੇ ਪੜਾਅ ਦੇ ਤਹਿਤ ਇਸ ਯੋਜਨਾ ਦੇ ਮੁਕੰਮਲ ਹੋਣ ਨਾਲ 1400 ਘਰਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲ ਸਕੇਗਾ।
ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਚੀਮਾ ਵਾਸੀ ਸਾਫ ਸੁਥਰੇ ਪਾਣੀ ਤੇ ਸੀਵਰੇਜ ਪ੍ਰਣਾਲੀ ਦੀਆਂ ਵਿਵਸਥਾਵਾਂ ਦੀ ਕਮੀ ਮਹਿਸੂਸ ਕਰਦੇ ਆ ਰਹੇ ਹਨ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਇਹਨਾਂ ਦੋਵੇਂ ਹੀ ਬੁਨਿਆਦੀ ਸਹੂਲਤਾਂ ਪੱਖੋਂ ਚੀਮਾ ਵਾਸੀਆਂ ਨੂੰ ਵੱਡੀ ਰਾਹਤ ਦੇਣ ਦਾ ਕਾਰਜ ਆਰੰਭ ਕਰਵਾ ਦਿੱਤਾ ਗਿਆ ਹੈ।