ਮੁਲਾਕਾਤ ਦੌਰਾਨ ਮੰਤਰੀ ਰਾਜਨਾਥ ਨੇ ‘ਸਿੱਖਸ ਫਾਰ ਜਸਟਿਸ’ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਦਾ ਮੁੱਦਾ ਚੁੱਕਿਆ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਭਾਰਤੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅਮਰੀਕੀ ਕੌਮੀ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗਬਾਰਡ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਰਾਜਨਾਥ ਸਿੰਘ ਨੇ ਗਬਾਰਡ ਨਾਲ ਪਾਬੰਦੀਸ਼ੁਦਾ ਵੱਖਵਾਦੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਵੱਲੋਂ ਅਮਰੀਕਾ ਵਿੱਚ ਚਲਾਈਆਂ ਜਾਂਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਦਾ ਮੁੱਦਾ ਉਠਾਇਆ।
ਜਾਣਕਾਰੀ ਮੁਤਾਬਿਕ ‘ਸਿੱਖਸ ਫਾਰ ਜਸਟਿਸ’(SFJ) ਨੂੰ ਭਾਰਤ ਵੱਲੋਂ ਗੈਰ-ਕਾਨੂੰਨੀ ਜਥੇਬੰਦੀ ਦੇ ਤੌਰ ’ਤੇ ਨਾਮਜ਼ਦ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਭਾਰਤ ਨੇ ਆਪਣੀਆਂ ਚਿੰਤਾਵਾਂ ਜ਼ਾਹਿਰ ਕੀਤੀਆਂ ਅਤੇ ਅਮਰੀਕੀ ਕੌਮੀ ਇੰਟੈਲੀਜੈਂਸ ਡਾਇਰੈਕਟਰ ਨੂੰ ਗੈਰ-ਕਾਨੂੰਨੀ ਜਥੇਬੰਦੀ ਖਿ਼ਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ। ਦੋਵਾਂ ਨੇਤਾਵਾਂ ਨੇ ਰੱਖਿਆ ਅਤੇ ਜਾਣਕਾਰੀ ਸਾਂਝੀ ਕਰਨ ਸਣੇ ਕਈ ਮੁੱਦਿਆਂ ’ਤੇ ਚਰਚਾ ਕੀਤੀ, ਜਿਸ ਦਾ ਉਦੇਸ਼ ਭਾਰਤ-ਅਮਰੀਕਾ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨਾ ਹੈ।