ਬਠਿੰਡਾ ਤੇ ਮੋਹਾਲੀ ਦਾ ਕਰਨਗੇ ਦੌਰਾ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੰਜਾਬ ਦੇ ਦੌਰੇ ‘ਤੇ ਹਨ। ਉਹ ਸਭ ਤੋਂ ਪਹਿਲਾਂ ਬਠਿੰਡਾ ਵਿੱਚ ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣਗੇ। ਜਦੋਂ ਕਿ ਸ਼ਾਮ ਨੂੰ ਮੋਹਾਲੀ ਦੇ ਇੰਡੀਅਨ ਸਕੂਲ ਆਫ ਬਿਜ਼ਨਸ ਵਿੱਚ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਨਾਗਰਿਕ ਸੁਆਗਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਅਤੇ ਮੁੱਖ ਮੰਤਰੀ ਵੀ ਸ਼ਿਰਕਤ ਕਰਨਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੱਲ੍ਹ ਸ਼ਾਮ ਚੰਡੀਗੜ੍ਹ ਪਹੁੰਚੇ ਸਨ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਆ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਦੇ ਆਉਣ ‘ਤੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਹ ਪਹਿਲੀ ਵਾਰ ਹੈ ਜਦੋਂ ਕੋਈ ਰਾਸ਼ਟਰਪਤੀ ਪੰਜਾਬ ਰਾਜ ਭਵਨ ਵਿੱਚ ਦੋ ਦਿਨ ਰੁਕੇਗਾ। ਉਨ੍ਹਾਂ ਦੇ ਦੌਰੇ ਦੌਰਾਨ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਾ ਹੋਵੇ, ਇਸ ਗੱਲ ਨੂੰ ਯਕੀਨੀ ਬਣਾਉਣ ਲਈ ਬਠਿੰਡਾ ਅਤੇ ਮੁਹਾਲੀ ਦੇ ਸੀਨੀਅਰ ਅਧਿਕਾਰੀ ਖੁਦ ਸਥਿਤੀ ਨੂੰ ਸੰਭਾਲ ਰਹੇ ਹਨ। ਇੰਡੀਅਨ ਸਕੂਲ ਆਫ਼ ਬਿਜ਼ਨਸ ਵਿੱਚ ਪੰਦਰਾਂ ਦਿਨਾਂ ਤੋਂ ਤਿਆਰੀਆਂ ਚੱਲ ਰਹੀਆਂ ਹਨ।