- SGPC ਪ੍ਰਧਾਨ ਵੱਲੋਂ ਮੁੱਖ ਮੰਤਰੀ ਨੂੰ ਪੱਤਰ
- 17 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ ਫ਼ਿਲਮ
ਅੰਮ੍ਰਿਤਸਰ : ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਪੰਜਾਬ ਵਿੱਚ ਰਿਲੀਜ਼ ਕੀਤੇ ਜਾਣ ’ਤੇ ਸਿੱਖ ਜਗਤ ਦੇ ਰੋਸ ਅਤੇ ਰੋਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਬੰਧ ਵਿੱਚ ਇੱਕ ਪੱਤਰ ਭੇਜ ਕੇ ਇਸ ਫਿਲਮ ‘ਤੇ ਸੂਬੇ ਵਿੱਚ ਰੋਕ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਸਾਫ਼ ਕਿਹਾ ਕਿ ਜੇ ਫਿਲਮ ਪੰਜਾਬ ਵਿਚ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ।
ਇਹ ਫਿਲਮ ਭਲਕੇ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਹੈ। ਮੁੱਖ ਮੰਤਰੀ ਨੂੰ ਇਸ ਸਬੰਧੀ ਭੇਜੇ ਪੱਤਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਖਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਕੰਗਨਾ ਰਣੌਤ ਵੱਲੋਂ ਬਣਾਈ ਗਈ ਫ਼ਿਲਮ ‘ਐਮਰਜੈਂਸੀ’ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਸਿਨੇਮਾ ਘਰਾਂ ਵਿੱਚ ਭਲਕੇ 17 ਜਨਵਰੀ ਨੂੰ ਲੱਗਣ ਜਾ ਰਹੀ ਹੈ ਅਤੇ ਇਸ ਸਬੰਧੀ ਟਿਕਟਾਂ ਵੀ ਬੁੱਕ ਹੋਣੀਆਂ ਸ਼ੁਰੂ ਹੋ ਗਈਆਂ ਹਨ। ਇਸ ਫਿਲਮ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਰੋਸ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਸਕੱਤਰ ਨੂੰ 14 ਨਵੰਬਰ 2024 ਨੂੰ ਇਤਰਾਜ਼ ਦਰਜ ਕਰਵਾਇਆ ਗਿਆ ਸੀ।