ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਸਕੂਲੀ ਬੱਚਿਆਂ ਨਾਲ ਨਸ਼ਿਆਂ ਵਿਰੁੱਧ ਪੈਦਲ ਜਾਗਰੂਕਤਾ ਯਾਤਰਾ ਕੀਤੀ। ਉਨ੍ਹਾਂ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ, ਬੁਲਾਰੇ ਯੋਗੇਸ਼ ਠਾਕੁਰ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਬੱਬੂ, ਸਾਬਕਾ ਮੇਅਰ ਅਨਿਲ ਵਾਸੂਦੇਵਾ ਵੀ ਸਨ। ਗੁਰਦੁਆਰਾ ਮਾਡਲ ਟਾਊਨ ਦੇ ਪ੍ਰਧਾਨ ਮਨਪ੍ਰੀਤ ਸਾਹਨੀ ਨੇ ਰਾਜਪਾਲ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ।
ਰਾਜਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਕਿਸੇ ਇੱਕ ਵਿਅਕਤੀ ਜਾਂ ਕਿਸੇ ਖਾਸ ਪਾਰਟੀ ਦੀ ਨਹੀਂ ਹੈ। ਇਸ ਮੁਹਿੰਮ ਵਿੱਚ ਸਾਰੇ ਪੰਜਾਬੀਆਂ ਦੇ ਸਹਿਯੋਗ ਦੀ ਲੋੜ ਹੈ। ਇਸ ਪਹਿਲਕਦਮੀ ਵਿੱਚ ਵੱਡੀ ਗਿਣਤੀ ਵਿੱਚ ਸਕੂਲੀ ਬੱਚਿਆਂ, ਨੌਜਵਾਨਾਂ, ਸਮਾਜਿਕ ਸੰਗਠਨਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਹਿੱਸਾ ਲਿਆ। ਰਾਜਪਾਲ ਨੇ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਪੰਜਾਬ ਵਿੱਚ ਇੱਕ ਗੰਭੀਰ ਸਮੱਸਿਆ ਬਣ ਗਈ ਹੈ, ਜੋ ਨਵੀਂ ਪੀੜ੍ਹੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਪਰਿਵਾਰ ਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਕਈ ਕਦਮ ਚੁੱਕ ਰਹੀ ਹੈ। ਬੀ ਐੱਸ ਐਫ, ਫੌਜ ਅਤੇ ਪੰਜਾਬ ਪੁਲੀਸ ਮਿਲ ਕੇ ਕੰਮ ਕਰ ਰਹੀਆਂ ਹਨ।

