ਆਪਣਾ ਪੰਜਾਬ ਮੀਡੀਆ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿੱਲੀ ਚਾਹਲਾਂ ’ਚ 14 ਮਾਰਚ ਨੂੰ ਹੋਣ ਵਾਲੀ ਪਾਰਟੀ ਦੀ ‘ਬਦਲਾਅ ਰੈਲੀ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਗਈ ਹੈ ਤੇ ਪਾਰਟੀ ਆਗੂਆਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਰੈਲੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਵਿੱਚ 2027 ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਮਜ਼ਬੂਤ ਨੀਂਹ ਰੱਖਣਗੇੇੇ।
ਇੱਥੇ ਪ੍ਰੈੱਸ ਕਾਨਫਰੰਸ ਕਰ ਕੇ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੇ ਬਜਟ ’ਚ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ’ਤੇ ਸਵਾਲ ਚੁੱਕਦੇ ਹੋਏ ਸਰਕਾਰ ’ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪ੍ਰਤੀ ਔਰਤ ਪਿਛਲਾ ਬਕਾਇਆ 48 ਹਜ਼ਾਰ ਵੀ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਤਾਂ ਪਹਿਲਾਂ ਹੀ ਭਾਰੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ ਸਰਕਾਰ ਇਹ ਸਪੱਸ਼ਟ ਕਰੇ ਕਿ ਇਹ ਪੈਸਾ ਕਿੱਥੋਂ ਆਵੇਗਾ। ਉਨ੍ਹਾਂ ਸਰਕਾਰ ’ਤੇ ਵਿਅੰਗ ਕੱਸਦਿਆਂ ਆਖਿਆ ‘ਪੱਲੇ ਨਹੀਂ ਧੇਲਾ ਕਰਦੀ ਮੇਲਾ-ਮੇਲਾ’। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਤਨਖ਼ਾਹ ਅਤੇ ਪੈਨਸ਼ਨ ਸਮੇਂ ’ਤੇ ਨਹੀਂ ਮਿਲ ਰਹੀ।
ਮੁਫ਼ਤ ਯੋਜਨਾਵਾਂ ਦੇ ਬਕਾਏ ਨਾ ਮਿਲਣ ਕਾਰਨ ਬਿਜਲੀ ਬੋਰਡ ਅਤੇ ਪੰਜਾਬ ਰੋਡਵੇਜ਼ ਭਾਰੀ ਘਾਟੇ ਵਿੱਚ ਹਨ। ਹਾਲ ਹੀ ਵਿੱਚ ਹੋਏ ਸਰਪੰਚਾਂ ਦੇ ਕਤਲ ਅਤੇ ਹੋਰ ਵਾਰਦਾਤਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਦੀ ਮਜ਼ਬੂਤ ਲੀਡਰਸ਼ਿਪ ਹੀ ਸੂਬੇ ਨੂੰ ਇਸ ਮੁਸ਼ਕਲ ਦੌਰ ਵਿੱਚੋਂ ਬਾਹਰ ਕੱਢ ਸਕਦੀ ਹੈ। ਇਸ ਮੌਕੇ ਪੰਜਾਬ ਭਾਜਪਾ ਜਨਰਲ ਸਕੱਤਰ ਅਨਿਲ ਸਰੀਨ, ਸਾਬਕਾ ਡੀ ਜੀ ਪੀ ਪੀ ਐੱਸ ਗਿੱਲ, ਪਾਰਟੀ ਬੁਲਾਰੇ ਨਿਧੜਕ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਸਿੰਘ ਆਦਿ ਮੌਜੂਦ ਸਨ।

