ਪੰਜਾਬ ਬਜਟ 2026-27: ਮਹਿਲਾ ਦਿਵਸ ਮੌਕੇ ਮਾਨ ਸਰਕਾਰ ਦਾ ਔਰਤਾਂ ਨੂੰ ਮਾਣ

News Online
2 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿਧਾਨ ਸਭਾ ਵਿੱਚ ਵਿੱਤੀ ਵਰ੍ਹੇ 2026-27 ਲਈ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਸ ਬਜਟ ਵਿੱਚ ਮਹਿਲਾਵਾਂ ਲਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਐਲਾਨ ਕੀਤਾ ਗਿਆ ਹੈ।

ਇਸ ਯੋਜਨਾ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਦਲਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਦਿੱਤੇ ਜਾਣਗੇ। ਯੋਜਨਾ ਲਈ ਰਜਿਸਟਰੇਸ਼ਨ ਵਿਸਾਖੀ ਤੋਂ ਸ਼ੁਰੂ ਹੋਵੇਗੀ ਅਤੇ ਰਕਮ ਸਿੱਧੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ। ਸਰਕਾਰ ਦਾ ਦਾਅਵਾ ਹੈ ਕਿ ਇਸ ਸਕੀਮ ਨਾਲ ਸੂਬੇ ਦੀਆਂ ਕਰੀਬ 97 ਫੀਸਦੀ ਮਹਿਲਾਵਾਂ ਲਾਭਾਨਵਿਤ ਹੋਣਗੀਆਂ।

ਬਜਟ ਵਿੱਚ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਲਈ 600 ਕਰੋੜ ਰੁਪਏ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ 312 ਕਰੋੜ ਅਤੇ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਰੱਖੇ ਗਏ ਹਨ। ‘ਰੰਗਲਾ ਪੰਜਾਬ ਵਿਕਾਸ ਯੋਜਨਾ’ ਦੀ ਰਕਮ ਵਧਾ ਕੇ 1170 ਕਰੋੜ ਰੁਪਏ ਕਰ ਦਿੱਤੀ ਗਈ ਹੈ, ਜਿਸ ਤਹਿਤ ਹਰ ਵਿਧਾਇਕ ਨੂੰ 10 ਕਰੋੜ ਰੁਪਏ ਦਾ ਵਿਕਾਸ ਫੰਡ ਮਿਲੇਗਾ।

ਬਜਟ ਵਿੱਚ ਸਿੱਖਿਆ ਲਈ 19,279 ਕਰੋੜ ਅਤੇ ਸਿਹਤ ਖੇਤਰ ਲਈ 6879 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ 143 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਅਤੇ 308 ਸਿਹਤ ਕੇਂਦਰਾਂ ਨੂੰ ਕਲੀਨਿਕਾਂ ਵਿੱਚ ਤਬਦੀਲ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ।

ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸੂਬਾ ਪੱਧਰ ’ਤੇ ਮਨਾਉਣ ਲਈ 100 ਕਰੋੜ ਰੁਪਏ ਰੱਖੇ ਗਏ ਹਨ। ਹਾਲਾਂਕਿ ਬਜਟ ਵਿੱਚ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਕੋਈ ਵੱਡਾ ਐਲਾਨ ਨਹੀਂ ਕੀਤਾ ਗਿਆ।

Share This Article
Leave a Comment

Leave a Reply