ਆਪਣਾ ਪੰਜਾਬ ਮੀਡੀਆ : ਪੰਜਾਬ ਸਰਕਾਰ ਵੱਲੋਂ ਐਤਕੀਂ ਪਹਿਲੀ ਮਈ ਤੋਂ ਕਿਸਾਨਾਂ ਨੂੰ ਖੇਤੀ ਸੈਕਟਰ ਲਈ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ੈਸਲਾ ਕੀਤਾ ਹੈ ਕਿ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਫ਼ਸਲੀ ਤਿਆਰੀ ਵਾਸਤੇ ਸਮੁੱਚੇ ਪੰਜਾਬ ਨੂੰ ਨਹਿਰੀ ਪਾਣੀ ਦੀ ਸਪਲਾਈ ਪਹਿਲੀ ਮਈ ਤੋਂ ਦਿੱਤੀ ਜਾਵੇਗੀ। ਪਹਿਲਾਂ ਨਹਿਰੀ ਪਾਣੀ ਦੀ ਸਪਲਾਈ 1 ਜੂਨ ਤੋਂ ਸ਼ੁਰੂ ਹੁੰਦੀ ਸੀ ਅਤੇ ਐਤਕੀਂ ਇੱਕ ਮਹੀਨਾ ਅਗੇਤੀ ਸਪਲਾਈ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਇਸ ਬਾਰੇ ਉੱਚ ਅਫ਼ਸਰਾਂ ਨਾਲ ਮੀਟਿੰਗ ਕਰਕੇ ਰਣਨੀਤੀ ਤਿਆਰ ਕੀਤੀ ਹੈ।
ਪੰਜਾਬ ਦੇ ਜ਼ਮੀਨੀ ਪਾਣੀ ਨੂੰ ਬਚਾਉਣ ਹਿਤ ਅਜਿਹਾ ਫ਼ੈਸਲਾ ਲਿਆ ਗਿਆ ਹੈ। ਜਲ ਸਰੋਤ ਵਿਭਾਗ ਵੱਲੋਂ ਪਿਛਲੇ ਸਮੇਂ ਦੌਰਾਨ ਚਾਰ ਹਜ਼ਾਰ ਕਿੱਲੋਮੀਟਰ ਤੋਂ ਵੱਧ ਨਹਿਰੀ ਖਾਲ ਬਣਾਏ ਗਏ ਹਨ ਅਤੇ ਤਿੰਨ ਹਜ਼ਾਰ ਕਿੱਲੋਮੀਟਰ ਤੋਂ ਵੱਧ ਪਾਈਪ ਲਾਈਨ ਵਿਛਾਈ ਗਈ ਹੈ। ਅਗੇਤੀ ਸਪਲਾਈ ਦੇਣ ਨਾਲ ਇਹ ਪਾਈਪ-ਲਾਈਨਾਂ ਅਤੇ ਖਾਲ਼ਿਆਂ ਦੀ ਟੈਸਟਿੰਗ ਵੀ ਹੋ ਜਾਣੀ ਹੈ।
ਭਾਖੜਾ ਡੈਮ ਤੋਂ ਪਹਿਲੀ ਮਈ ਤੋਂ ਪਾਣੀ ਛੱਡੇ ਜਾਣ ਨਾਲ ਬਿਜਲੀ ਉਤਪਾਦਨ ਵਿੱਚ ਵੀ ਵਾਧਾ ਹੋਵੇਗਾ। ਮੁੱਖ ਮੰਤਰੀ ਨੇ ਖ਼ਾਕਾ ਤਿਆਰ ਕਰ ਲਿਆ ਹੈ। ਸਰਕਾਰੀ ਸੂਤਰ ਆਖਦੇ ਹਨ ਕਿ ਪਹਿਲੀ ਮਈ ਤੋਂ ਨਹਿਰੀ ਪਾਣੀ ਦੀ ਸਪਲਾਈ ਦੇਣ ਨਾਲ ਖੇਤੀ ਸੈਕਟਰ ’ਚ ਬਿਜਲੀ ਦੀ ਖਪਤ ’ਚ ਵੀ ਕਟੌਤੀ ਹੋਵੇਗੀ।

