ਪੰਜਾਬ ਮੁੱਖ ਮੰਤਰੀ ਭਗਵੰਤ ਮਾਨ  ਡੇਰਾ ਸਿਆਸਤ ਨਾਲ ਟੱਕਰ ਲੈਣ ਦੇ ਰੌਂਅ ’ਚ ਆਏ ਨਜ਼ਰ

News Online
2 Min Read

ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਤੜਕਸਾਰ ‘ਐਕਸ’ ’ਤੇ ਕੀਤੇ ਸਿਆਸੀ ਤਨਜ਼ ਨੇ ਆਮ ਆਦਮੀ ਪਾਰਟੀ ਦੇ ਸਿਆਸੀ ਰੌਂਅ ਵੱਲ ਇਸ਼ਾਰਾ ਕੀਤਾ ਹੈ। ਮੁੱਖ ਮੰਤਰੀ ਨੇ ਡੇਰਾ ਬਿਆਸ ਮੁਖੀ ਦਾ ਨਾਮ ਲਿਖੇ ਬਗੈਰ ਤਨਜ਼ ਕੀਤਾ ਕਿ ‘ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ/ਅਦਾਲਤਾਂ ਦਾ ਓਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ।’ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਨੇ ਨਾਭਾ ਜੇਲ੍ਹ ’ਚ ਬੰਦ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਮਗਰੋਂ ਮਜੀਠੀਆ ਨੂੰ ਬੇਕਸੂਰ ਦੱਸਿਆ ਸੀ।

ਡੇਰਾ ਬਿਆਸ ਮੁਖੀ ਦੀ ਇਸ ਮੁਲਾਕਾਤ ਤੋਂ ਕੁਝ ਦੇਰ ਬਾਅਦ ਹੀ ਸੁਪਰੀਮ ਕੋਰਟ ਦਾ ਮਜੀਠੀਆ ਦੀ ਜ਼ਮਾਨਤ ਮਨਜ਼ੂਰ ਕੀਤੇ ਜਾਣ ਸਬੰਧੀ ਫ਼ੈਸਲਾ ਆ ਗਿਆ। ਮੁੱਖ ਮੰਤਰੀ ਨੇ ਅੱਜ ਮਜੀਠੀਆ ਦੀ ਜੇਲ੍ਹ ’ਚੋਂ ਰਿਹਾਈ ਤੋਂ ਪਹਿਲਾਂ ਹੀ ਇਹ ਤਨਜ਼ ਕੱਸ ਕੇ ਸੂਬੇ ਦੀ ਸਿਆਸਤ ’ਚ ਹਲਚਲ ਪੈਦਾ ਕਰ ਦਿੱਤੀ। ਉਨ੍ਹਾਂ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਰਾਜਸੀ ਨਿਸ਼ਾਨੇ ਲਾਏ ਸਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ’ਤੇ ਵੀ ਸਵਾਲ ਖੜ੍ਹੇ ਕੀਤੇ ਸਨ। ਸ਼੍ਰੋਮਣੀ ਕਮੇਟੀ ਖ਼ਿਲਾਫ਼ ਤਾਂ ਮੁੱਖ ਮੰਤਰੀ ਸਿਆਸੀ ਸਟੇਜਾਂ ਤੋਂ ਬੋਲਦੇ ਰਹੇ ਹਨ। ਸਿਆਸੀ ਹਲਕਿਆਂ ਮੁਤਾਬਕ ਮੁੱਖ ਮੰਤਰੀ ਮਾਨ ਦਾ ਡੇਰਾ ਬਿਆਸ ਮੁਖੀ ’ਤੇ ਅਸਿੱਧੇ ਤਰੀਕੇ ਨਾਲ ਤਨਜ਼ ਇਸ਼ਾਰਾ ਕਰਦਾ ਹੈ ਕਿ ਸ਼੍ਰੋਮਣੀ ਕਮੇਟੀ ਮਗਰੋਂ ਹੁਣ ਮੁੱਖ ਮੰਤਰੀ ਡੇਰਾ ਸਿਆਸਤ ਖ਼ਿਲਾਫ਼ ਮੋਰਚਾ ਖੋਲ੍ਹ ਸਕਦੇ ਹਨ। ਆਮ ਆਦਮੀ ਪਾਰਟੀ ਨੂੰ ਚੋਣਾਂ ਤੋਂ ਐਨ ਪਹਿਲਾਂ ਡੇਰਿਆਂ ਖ਼ਿਲਾਫ਼ ਅਜਿਹਾ ਪੈਂਤੜਾ ਸਿਆਸੀ ਤੌਰ ’ਤੇ ਕਿੰਨਾ ਪੁੱਗੇਗਾ, ਇਹ ਵੀ ਵੱਡਾ ਸਵਾਲ ਹੈ।

ਆਪ’ ਆਗੂਆਂ ਨੇ ਡੇਰਾ ਬਿਆਸ ਮੁਖੀ ਵੱਲੋਂ ਬਿਕਰਮ ਸਿੰਘ ਮਜੀਠੀਆ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਬੋਚ-ਬੋਚ ਕੇ ਟਿੱਪਣੀਆਂ ਕੀਤੀਆਂ ਹਨ। ਆਮ ਆਦਮੀ ਪਾਰਟੀ ਬੇਸ਼ੱਕ ਸਿੱਧੇ ਤੌਰ ’ਤੇ ਡੇਰਾ ਸਿਆਸਤ ਵਿੱਚ ਨਹੀਂ ਕੁੱਦੀ ਹੈ ਪਰ ਮੌੜ ਬੰਬ ਕਾਂਡ ਦੀ ਜਾਂਚ ਦਾ ਕਿਸੇ ਤਣ ਪੱਤਣ ਨਾ ਲੱਗਣਾ, ਜ਼ਰੂਰ ‘ਆਪ’ ਸਰਕਾਰ ’ਤੇ ਸਵਾਲ ਖੜ੍ਹੇ ਕਰਦਾ ਹੈ। ਪੰਜਾਬ ਪੁਲੀਸ ਦੀ ਜਾਂਚ ਵਿੱਚ ਮੌੜ ਕਾਂਡ ਦੀ ਪੈੜ ਡੇਰਾ ਸਿਰਸਾ ਤੱਕ ਜਾਂਦੀ ਹੈ। ‘ਆਪ’ ਸਰਕਾਰ ਨੇ ਮੌੜ ਬੰਬ ਕਾਂਡ ਦੀ ਜਾਂਚ ਵੱਲ ਕੋਈ ਵਧੇਰੇ ਕਦਮ ਹਾਲੇ ਤੱਕ ਨਹੀਂ ਵਧਾਏ ਹਨ।

Share This Article
Leave a Comment

Leave a Reply