ਮੁੱਖ ਮੰਤਰੀ ਦੀ ਰੈਲੀ ਦੌਰਾਨ ਕਿਸਾਨਾਂ ਵੱਲੋਂ ਧਰਨਾ

News Online
2 Min Read

ਆਪਣਾ ਪੰਜਾਬ ਮੀਡੀਆ : ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਅਟਾਰੀ ਵਿੱਚ ਮੁੱਖ ਮੰਤਰੀ ਦੀ ਰੈਲੀ ਦੌਰਾਨ ਕਿਸਾਨਾਂ ਵੱਲੋਂ ਧਰਨਾ ਦਿੱਤਾ ਗਿਆ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਕਿਸਾਨ ਅਟਾਰੀ ਨੇੜੇ ਗੁਰਦੁਆਰੇ ਵਿੱਚ ਇਕੱਠੇ ਹੋਏ ਜਿੱਥੋਂ ਮਾਰਚ ਕਰਦੇ ਹੋਏ ਉਹ ਰੈਲੀ ਸਥਾਨ ਦੇ ਨੇੜੇ ਪੁੱਜੇ। ਇੱਥੇ ਪੁਲੀਸ ਵੱਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ। ਇਸ ਮੌਕੇ ਪੁਲੀਸ ਅਤੇ ਕਿਸਾਨਾਂ ਵਿਚਾਲੇ ਹਲਕੀ ਖਿੱਚ-ਧੂਹ ਵੀ ਹੋਈ ਅਤੇ ਉਨ੍ਹਾਂ ਵੱਲੋਂ ਉੱਥੇ ਹੀ ਧਰਨਾ ਲਾ ਦਿੱਤਾ ਗਿਆ।

ਆਗੂਆਂ ਨੇ ਕਿਹਾ ਕਿ ਲੋਕਾਂ ਨੇ ਕਣਕ ਦੇ ਸੀਜ਼ਨ ਦੇ ਬਾਵਜੂਦ ਸੰਘਰਸ਼ ਵਿੱਚ ਵੱਡੀ ਹਾਜ਼ਰੀ ਲਾ ਕੇ ਕਿਸਾਨਾਂ ਦੇ ਹੱਕ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੰਮ੍ਰਿਤਸਰ (ਅਟਾਰੀ) ਵਿੱਚ ਮੁੱਖ ਮੰਤਰੀ ਦੀ ਰੈਲੀ ਦੌਰਾਨ ਕਿਸਾਨਾਂ ਨੇ ਸ਼ਾਂਤਮਈ ਤਰੀਕੇ ਨਾਲ ਆਪਣੇ ਸਵਾਲ ਰੱਖਣ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਪੁਲੀਸ ਵੱਲੋਂ ਬੇਵਜ੍ਹਾ ਤਣਾਅ ਪੈਦਾ ਕੀਤਾ ਗਿਆ ਅਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨਾਲ ਖਿੱਚ-ਧੂਹ ਕੀਤੀ ਗਈ। ਕਿਸਾਨ ਆਗੂਆਂ ਨੇ ਸੰਜਮ ਰੱਖਦਿਆਂ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਤੋਂ ਬਚਾਅ ਕੀਤਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸ਼ੰਭੂ ਅਤੇ ਖਨੌਰੀ ਮੋਰਚਿਆਂ ’ਤੇ ਹੋਏ 77 ਲੱਖ ਰੁਪਏ ਦੇ ਨੁਕਸਾਨ ਦੀ ਪੂਰਤੀ ਤੁਰੰਤ ਕੀਤੀ ਜਾਵੇ। ਕਿਸਾਨ ਮਜ਼ਦੂਰ ਮੋਰਚਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਕਿਸਾਨਾਂ-ਮਜ਼ਦੂਰਾਂ ਦੇ ਮਸਲੇ ਹੱਲ ਨਹੀਂ ਕਰਦੀਆਂ ਤਾਂ ਕਣਕ ਦੀ ਵਾਢੀ ਤੋਂ ਬਾਅਦ ਪੰਜਾਬ ਵਿੱਚ ਵੱਡੇ ਅੰਦੋਲਨ ਕੀਤੇ ਜਾਣਗੇ।

Share This Article
Leave a Comment

Leave a Reply