ਆਪਣਾ ਪੰਜਾਬ ਮੀਡੀਆ : ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਸੂਚੀ ਵਿੱਚ ਪਹਿਲੇ 20 ਵਿੱਚੋਂ 19 ਲੜਕੀਆਂ ਨੇ ਬਾਜ਼ੀ ਮਾਰੀ ਹੈ। ਇਨ੍ਹਾਂ ਨਾਲ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਲੜਕੀਆਂ ਨੂੰ ਸਨਮਾਨਿਤ ਕੀਤਾ। ਅੱਠਵੀਂ ਦੀ ਪ੍ਰੀਖਿਆ ਵਿੱਚ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫਰੀਦਕੋਟ) ਦੀ ਤਮੰਨਾ ਨੇ ਪਹਿਲਾ, ਸਰਕਾਰੀ ਮਿਡਲ ਸਕੂਲ, ਅੜਕਵਾਸ (ਸੰਗਰੂਰ) ਦੀ ਜਪਨੀਤ ਕੌਰ ਨੇ ਦੂਜਾ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਕੋਟ ਸੁਖੀਆ (ਫਰੀਦਕੋਟ) ਦੀ ਜਸਨਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਮੁੱਖ ਮੰਤਰੀ ਨੇ ਇਨ੍ਹਾਂ ਤਿੰਨਾਂ ਨੂੰ 50-50 ਹਜ਼ਾਰ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅੱਠਵੀਂ ਦੀ ਪ੍ਰੀਖਿਆ ਵਿੱਚ ਅੱਵਲ ਰਹੇ 20 ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦਾਖਲਾ ਪ੍ਰੀਖਿਆ ਦੇ ਸਕੂਲ ਆਫ ਐਮੀਨੈਂਸ ਵਿੱਚ ਸਿੱਧਾ ਦਾਖਲਾ ਦਿੱਤਾ ਜਾਵੇਗਾ।
ਭਗਵੰਤ ਮਾਨ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਰਿਆਂ ਲਈ ਬਹੁਤ ਮਾਣ ਅਤੇ ਤਸੱਲੀ ਦਾ ਪਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਪੰਜਾਬ ਦੇਸ਼ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਰੋਲ ਮਾਡਲ ਵਜੋਂ ਉੱਭਰਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਕੁੱਲ 2.62 ਲੱਖ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

