ਸਮੁੱਚੇ ਅਕਾਲੀ ਦਲ ਨੂੰ ਮੁੜ ਇਕੱਠਾ ਕਰਾਂਗਾ: ਮਜੀਠੀਆ

News Online
2 Min Read

ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਅਕਾਲੀ ਦਲ ਨੂੰ ਕੁਝ ਸਮੇਂ ਤੋਂ ਪੈਦਾ ਹੋਏ ਟਕਰਾਅ ਕਰਕੇ ਢਾਹ ਲੱਗੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਪਾਰਟੀ ਤੋਂ ਵੀ ਵੱਖ ਹੋ ਗਏ ਹਨ ਪਰ ਹੁਣ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਵਿੱਚੋਂ ਬਾਹਰ ਆਉਣ ਮਗਰੋਂ ਸਮੁੱਚੇ ਅਕਾਲੀ ਦਲ ਨੂੰ ਮੁੜ ਇਕੱਠਾ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਮਜੀਠੀਆ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਲੀ ਦਲ ਨਾਲ ਸਬੰਧਤ ਆਗੂਆਂ ਨੂੰ ਮੁੜ ਪਾਰਟੀ ਨਾਲ ਜੋੜਨਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ‘ਆਪ’ ਵਿਰੁੱਧ ਬੋਲਣ ਵਾਲਿਆਂ ’ਤੇ ਝੂਠੇ ਪੁਲੀਸ ਕੇਸ ਦਰਜ ਕਰਕੇ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਦਬਣ ਵਾਲੇ ਨਹੀਂ ਹਨ। ‘ਆਪ’ ਚਾਹੇ ਉਸ ’ਤੇ ਹੋਰ 5-7 ਕੇਸ ਦਰਜ ਕਰ ਲਵੇ, ਪਰ ਉਹ ਪੰਜਾਬ ਅਤੇ ਪੰਜਾਬੀਆਂ ਦੀ ਗੱਲ ਕਰਦੇ ਰਹਿਣਗੇ। ਉਨ੍ਹਾਂ ਦੀ ਹਮਾਇਤ ਵਿੱਚ ਆਵਾਜ਼ ਚੁੱਕਣ ਵਾਲੇ ਹੋਰਨਾਂ ਸਿਆਸੀ ਆਗੂਆਂ ਦਾ ਵੀ ਧੰਨਵਾਦ ਕੀਤਾ। ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸਬੰਧਤ ਆਗੂ ਵੀ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹੇ ਹਨ। ਇਸ ਲਈ ਉਹ ਇਨਸਾਫ਼ਪਸੰਦ ਲੋਕਾਂ ਨੂੰ ਨਾਲ ਲੈ ਕੇ ਪੰਜਾਬ ਦੀ ਰਾਖੀ ਲਈ ਆਵਾਜ਼ ਬੁਲੰਦ ਕਰਨਗੇ।

Share This Article
Leave a Comment

Leave a Reply