ਆਪਣਾ ਪੰਜਾਬ ਮੀਡੀਆ : ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਕੀਤੀ ਦੇਸ਼ਵਿਆਪੀ ਹੜਤਾਲ ਦਾ ਅਸਰ ਪੰਜਾਬ ਵਿੱਚ ਵੀ ਵੇਖਣ ਨੂੰ ਮਿਲਿਆ। ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਰੋਸ ਮੁਜ਼ਾਹਰੇ ਕੀਤੇ ਗਏ।
ਹੜਤਾਲ ਕਾਰਨ ਬਿਜਲੀ, ਬੈਂਕਿੰਗ, ਬੀਮਾ, ਟਰਾਂਸਪੋਰਟ, ਸਿਹਤ ਅਤੇ ਆਂਗਣਵਾੜੀ ਸਮੇਤ ਕਈ ਸਰਕਾਰੀ ਸੇਵਾਵਾਂ ਪ੍ਰਭਾਵਿਤ ਹੋਈਆਂ। ਜਥੇਬੰਦੀਆਂ ਨੇ ਲੇਬਰ ਕੋਡ, ਬਿਜਲੀ ਅਤੇ ਬੀਜ ਬਿੱਲ ਰੱਦ ਕਰਨ ਅਤੇ ਭਾਰਤ–ਅਮਰੀਕਾ ਵਪਾਰ ਸਮਝੌਤੇ ਵਿੱਚੋਂ ਖੇਤੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਕੀਤੀ।
ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਸਮੇਤ ਕਈ ਸੰਗਠਨਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦੀਆਂ ਆਰਥਿਕ ਤੇ ਖੇਤੀਬਾੜੀ ਨੀਤੀਆਂ ਦਾ ਵਿਰੋਧ ਕੀਤਾ ਗਿਆ।

