ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਚਾਹੁਣ ਤਾਂ ਉਨ੍ਹਾਂ ‘ਤੇ “ਸੌ ਕਿਕਲੀਆਂ” ਪਾ ਲੈਣ, ਪਰ ਸੂਬਾ ਸਰਕਾਰ ਤੁਰੰਤ ਅਨਾਜ ਮੰਡੀਆਂ ਵਿੱਚ ਪਈ ਕਣਕ ਦੀ ਚੁਕਾਈ ਯਕੀਨੀ ਬਣਾਵੇ।
ਮਲੋਟ ਦੀ ਅਨਾਜ ਮੰਡੀ ਦੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਦੋਸ਼ ਲਗਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਮੁੱਖ ਮੰਤਰੀ ਹੋਰ ਕੰਮਾਂ ਵਿੱਚ ਰੁੱਝੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਾਲ ਹੀ ਵਿੱਚ ਰਾਜਸਥਾਨ ਦੇ ਜੈਸਲਮੇਰ ਵਿੱਚ ਸਨ ਅਤੇ ਹੁਣ ਵਿਦੇਸ਼ ਦੌਰੇ ਦੀ ਯੋਜਨਾ ਬਣਾ ਰਹੇ ਹਨ।ਉਨ੍ਹਾਂ ਕਿਹਾ, “ਮੈਨੂੰ ਉਨ੍ਹਾਂ ਦੀਆਂ ਟਿੱਪਣੀਆਂ ਦੀ ਕੋਈ ਪਰਵਾਹ ਨਹੀਂ, ਪਰ ਸਰਕਾਰ ਨੂੰ ਕਿਸਾਨਾਂ ਦੀ ਕਣਕ ਦੀ ਖ਼ਰੀਦ ਤੇ ਚੁਕਾਈ ਨੂੰ ਤਰਜੀਹ ਦੇਣੀ ਚਾਹੀਦੀ ਹੈ।
ਕਿਸਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ।”ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਭਾਵੇਂ ਸਰਕਾਰੀ ਤੌਰ ‘ਤੇ ਕਣਕ ਦੀ ਖ਼ਰੀਦ 1 ਅਪਰੈਲ ਤੋਂ ਸ਼ੁਰੂ ਹੋਣੀ ਸੀ, ਪਰ ਦੋ ਹਫ਼ਤਿਆਂ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਪ੍ਰਕਿਰਿਆ ਪੂਰੀ ਤਰ੍ਹਾਂ ਲੀਹ ‘ਤੇ ਨਹੀਂ ਆ ਸਕੀ। ਉਨ੍ਹਾਂ ਦੱਸਿਆ ਕਿ ਮਲੋਟ ਵਿੱਚ ਸਥਾਨਕ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਇੱਕ ਕਿਸਾਨ ਦੀ ਫ਼ਸਲ ਦੀ ਖ਼ਰੀਦ ਦਾ ਰਸਮੀ ਉਦਘਾਟਨ ਕੀਤਾ ਗਿਆ ਸੀ, ਪਰ ਉਸ ਕਿਸਾਨ ਦੀ ਫ਼ਸਲ ਅਜੇ ਵੀ ਬਿਨਾਂ ਵਿਕੇ ਮੰਡੀ ਵਿੱਚ ਪਈ ਹੈ।

