ਆਪਣਾ ਪੰਜਾਬ ਮੀਡੀਆ : ਸੁਪਰੀਮ ਕੋਰਟ ਨੇ ਕਿਹਾ ਕਿ ਹਿੰਦੂ, ਸਿੱਖ ਜਾਂ ਬੁੱਧ ਧਰਮ ਤੋਂ ਇਲਾਵਾ ਕਿਸੇ ਹੋਰ ਧਰਮ ਦਾ ਪਾਲਣ ਕਰਨ ਵਾਲੇ ਵਿਅਕਤੀ ਨੂੰ ਅਨੁਸੂਚਿਤ ਜਾਤੀ (ਐੱਸ ਸੀ) ਦਾ ਮੈਂਬਰ ਨਹੀਂ ਮੰਨਿਆ ਜਾ ਸਕਦਾ। ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਐੱਨ ਵੀ ਅੰਜਾਰੀਆ ਦੇ ਬੈਂਚ ਨੇ ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਹੁਕਮਾਂ ਨੂੰ ਬਹਾਲ ਰੱਖਦਿਆਂ ਇਹ ਹੁਕਮ ਸੁਣਾਏ ਹਨ।
ਬੈਂਚ ਨੇ ਕਿਹਾ ਕਿ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਵਿਅਕਤੀ ਕਿਸੇ ਦੂਜੇ ਧਰਮ ਨੂੰ ਅਪਣਾ ਕੇ ਐੱਸ ਸੀ ਦਾ ਦਰਜਾ ਤੁਰੰਤ ਅਤੇ ਪੂਰੀ ਤਰ੍ਹਾਂ ਗੁਆ ਦਿੰਦਾ ਹੈ। ਬੈਂਚ ਨੇ ਕਿਹਾ, ‘‘ਅਜਿਹੇ ਕਿਸੇ ਵੀ ਵਿਅਕਤੀ ਨੂੰ ਧਾਰਾ 3 ਮੁਤਾਬਕ ਅਨੁਸੂਚਿਤ ਜਾਤੀ ਦਾ ਮੈਂਬਰ ਨਹੀਂ ਮੰਨਿਆ ਜਾਂਦਾ। ਉਸ ਨੂੰ ਸੰਵਿਧਾਨ, ਸੰਸਦ ਜਾਂ ਸੂਬਾਈ ਵਿਧਾਨ ਸਭਾ ਦੇ ਕਿਸੇ ਕਾਨੂੰਨ ਤਹਿਤ ਕੋਈ ਵੀ ਵਿਧਾਨਕ ਲਾਭ, ਸੁਰੱਖਿਆ ਜਾਂ ਰਾਖਵਾਂਕਰਨ ਨਹੀਂ ਦਿੱਤਾ ਜਾ ਸਕਦਾ। ਕੋਈ ਵਿਅਕਤੀ ਧਾਰਾ 3 ’ਚ ਦਰਜ ਧਰਮ ਤੋਂ ਇਲਾਵਾ ਕਿਸੇ ਹੋਰ ਧਰਮ ਦਾ ਪਾਲਣ ਕਰਦਿਆਂ ਅਨੁਸੂਚਿਤ ਜਾਤੀ ਦੀ ਮੈਂਬਰਸ਼ਿਪ ਦਾ ਦਾਅਵਾ ਨਹੀਂ ਕਰ ਸਕਦਾ ਹੈ।

