ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬਾਣੀ ਮਨੁੱਖਤਾ ਨੂੰ ਪ੍ਰਮਾਤਮਾ ਨਾਲ ਜੁੜਨ ਤੇ ਉੱਤਮ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਾਂਝੀਵਾਲਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੀ ਹੈ। ਗੁਰਬਾਣੀ ਦੀ ਵਿਚਾਰਧਾਰਾ ਅਧਿਆਤਮਕ ਤੇ ਸਮਾਜਿਕ ਜੀਵਨ ਸੇਧਾਂ ਦਾ ਸੋਮਾ ਹੈ, ਜਿਸ ਅਨੁਸਾਰ ਜੀਵਨ ਬਸਰ ਕਰ ਕੇ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਸਾਲ 1604 ਵਿਚ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬ ਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ, ਜਿਸ ਦਾ ਸਥਾਨ ਪੂਰੀ ਦੁਨੀਆ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਤੇ ਨਿਰਾਲਾ ਹੈ। ਉਨ੍ਹਾਂ ਨੇ ਸਿੱਖ ਕੌਮ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।