ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਲ 2015 ’ਚ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ’ਚ ਮੁਲਜ਼ਮਾਂ ਖਿ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਵੱਲੋਂ ਹਾਂਪੱਖੀ ਹੁੰਗਾਰਾ ਨਾ ਭਰਿਆ ਗਿਆ ਤਾਂ ਉਹ ਪੰਜਾਬ ਦੇ ਰਾਜਪਾਲ ਤੱਕ ਪਹੁੰਚ ਕਰਨਗੇ।
ਐਡਵੋਕੇਟ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਜਿੱਥੇ ਬੇਅਦਬੀ ਦੇ ਮੁੱਖ ਮੁਲਜ਼ਮ ਪ੍ਰਦੀਪ ਕਲੇਰ ਨੂੰ ਬਚਾਅ ਰਹੀ ਹੈ, ਉਥੇ ਹੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦਾ ਨਾਂ ਸਾਹਮਣੇ ਆਉਣ ਦੇ ਬਾਵਜੂਦ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਨਹੀਂ ਕਰ ਰਹੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਬੇਅਦਬੀ ਮਾਮਲੇ ’ਤੇ ਸਿਰਫ ਸਿਆਸਤ ਕਰ ਰਹੀ ਹੈ। ਉਨ੍ਹਾਂ ਸਾਬਕਾ ਆਈਜੀ ਰਣਬੀਰ ਸਿੰਘ ਖੱਟੜਾ ਵੱਲੋਂ ਬੇਅਦਬੀ ਮਾਮਲਿਆਂ ਵਿੱਚ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਕਦੇ ਵੀ ਸੀਬੀਆਈ ਦੀ ਕਲੋਜ਼ਰ ਰਿਪੋਰਟ ਦੇ ਹੱਕ ਵਿੱਚ ਨਹੀਂ ਰਹੀ, ਸਗੋਂ ਇਸ ਦੇ ਵਿਰੁੱਧ 17 ਜੁਲਾਈ 2019 ਨੂੰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਮਤਾ ਪਾਸ ਕਰ ਕੇ ਇਸ ਰਿਪੋਰਟ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਬੰਡਾਲਾ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ ਤੇ ਹੋਰ ਹਾਜ਼ਰ ਸਨ।