ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਅਪੀਲ ਸਬੰਧੀ ਆਪਣਾ ਮਤਾ ਅੱਜ ਰੱਦ ਕਰ ਦਿੱਤਾ ਹੈ। ਇਹ ਫੈਸਲਾ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਇਸ ਦਾ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ।
ਇਸ ਦੌਰਾਨ ਬੀਤੇ ਦਿਨੀਂ ਯੂਪੀ ਵਿੱਚ ਪੰਜਾਬ ਦੇ ਤਿੰਨ ਨੌਜਵਾਨਾਂ ਦੇ ਪੁਲੀਸ ਮੁਕਾਬਲੇ ’ਚ ਮਾਰੇ ਜਾਣ ਦੇ ਮਾਮਲੇ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਗਈ ਹੈ। ਪੁਲੀਸ ਨੇ ਨਰਾਇਣ ਸਿੰਘ ਚੌੜਾ ਨੂੰ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਉਸ ਨੇ 4 ਦਸੰਬਰ ਨੂੰ ਸੁਖਬੀਰ ’ਤੇ ਉਸ ਵੇਲੇ ਹਮਲਾ ਕੀਤਾ ਸੀ, ਜਦੋਂ ਉਹ ਅਕਾਲ ਤਖ਼ਤ ਤੋਂ ਲੱਗੀ ਤਨਖਾਹ ਤਹਿਤ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪਾਸੇ ਪਹਿਰੇਦਾਰ ਦੀ ਸੇਵਾ ਕਰ ਰਹੇ ਸਨ। ਚੌੜਾ ਇਸ ਵੇਲੇ ਨਿਆਂਇਕ ਹਿਰਾਸਤ ਦੌਰਾਨ ਜੇਲ੍ਹ ’ਚ ਬੰਦ ਹੈ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਸ ਮਾਮਲੇ ਵਿੱਚ ਮਤਾ ਪਾਸ ਕਰਕੇ ਉਸ ਨੂੰ ਪੰਥ ’ਚੋਂ ਛੇਕਣ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਸੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਸਿੱਖ ਜਥੇਬੰਦੀਆ ਵੱਲੋਂ ਵਿਰੋਧ ਕੀਤਾ ਗਿਆ।