ਮੀਟਿੰਗ ਦੌਰਾਨ ਸੁਖਬੀਰ ਬਾਦਲ ਦੇ ਅਸਤੀਫੇ ‘ਤੇ ਹੋਵੇਗਾ ਵਿਚਾਰ ਵਟਾਦਰਾਂ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਸੱਦ ਲਈ ਹੈ, ਜਿਸ ਵਿੱਚ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਵਜੋਂ ਦਿੱਤੇ ਅਸਤੀਫੇ ਤੇ ਪਾਰਟੀ ਦੀ ਭਰਤੀ ਮੁਹਿੰਮ ਸਮੇਤ ਜਥੇਬੰਦਕ ਢਾਂਚੇ ਦੇ ਪੁਨਰਗਠਨ ਸਮੇਤ ਫੈਸਲਾ ਲਏ ਜਾਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਥੇ ਦੱਸਿਆ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਮੁੱਖ ਦਫਤਰ ਵਿਚ ਹੋਵੇਗੀ।
ਇਸ ਬਾਰੇ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਆਪਣੇ ਐਕਸ ਉਤੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ 10 ਜਨਵਰੀ ਨੂੰ ਦੁਪਹਿਰ 3 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ।
ਡਾ. ਦਲਜੀਤ ਸਿੰਘ ਚੀਮਾ ਅਨੁਸਾਰ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਬਕਾਇਆ ਅਸਤੀਫ਼ੇ ‘ਤੇ ਫੈਸਲਾ ਲਿਆ ਜਾਵੇਗਾ। ਇਸ ਵਿੱਚ ਨਵੀਆਂ ਸੰਗਠਨ ਚੋਣਾਂ ਲਈ ਮੈਂਬਰਸ਼ਿਪ ਮੁਹਿੰਮ ਦੇ ਸ਼ਡਿਊਲ ਦਾ ਵੀ ਐਲਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੂਬੇ ਦੇ ਸਾਰੇ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।