ਜਥੇਦਾਰ ਰਘਬੀਰ ਸਿੰਘ ਨੂੰ ਪੱਤਰ ਦੇ ਕੇ ਅਕਾਲੀ ਦਲ ਦੀ ਵਰਕਿੰਗ ਕਮੇਟੀ ਖਿ਼ਲਾਫ਼ ਕਾਰਵਾਈ ਦੀ ਅਪੀਲ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਅਕਾਲੀ ਦਲ ਦੇ ਨਾਰਾਜ਼ ਧੜੇ ਨਾਲ ਸਬੰਧਤ ਮੌਜੂਦਾ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਫ਼ਦ ਨੇ ਅੱਜ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪੱਤਰ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਖ਼ਿਲਾਫ਼ ਕਾਰਵਾਈ ਦੀ ਅਪੀਲ ਕੀਤੀ।
ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ, ਸਤਵਿੰਦਰ ਸਿੰਘ, ਅਮਰੀਕ ਸਿੰਘ ਸ਼ਾਹਪੁਰ, ਰਾਮਪਾਲ ਸਿੰਘ ਬਹਿਣੀਵਾਲ, ਸ਼ਰਨਜੀਤ ਕੌਰ, ਕਰਨੈਲ ਸਿੰਘ ਪੰਜੋਲੀ, ਹਰਬੰਸ ਸਿੰਘ ਮੰਝਪੁਰ, ਮਹਿੰਦਰ ਸਿੰਘ ਹੁਸੈਨਪੁਰ ਆਦਿ ਸ਼ਾਮਲ ਸਨ। ਪੱਤਰ ਵਿੱਚ ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਅਕਾਲ ਤਖ਼ਤ ਤੋਂ ਕੀਤੇ ਹੁਕਮਨਾਮੇ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਿੱਚ ਟਾਲ-ਮਟੋਲ ਕਰ ਰਹੀ ਹੈ।
ਇਸ ਲਈ ਸੁਖਬੀਰ ਬਾਦਲ ਅਤੇ ਉਸ ਨਾਲ ਸਬੰਧਤ ਹੋਰ ਆਗੂਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਵਫ਼ਦ ਦੇ ਆਗੂਆਂ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਆਦੇਸ਼ ਕੀਤਾ ਗਿਆ ਸੀ ਕਿ ਉਹ ਸੁਖਬੀਰ ਸਿੰਘ ਬਾਦਲ ਸਣੇ ਹੋਰ ਆਗੂਆਂ ਦੇ ਅਸਤੀਫੇ ਪ੍ਰਵਾਨ ਕਰੇ ਅਤੇ ਤਿੰਨ ਦਿਨ ਵਿੱਚ ਇਸ ਦੀ ਰਿਪੋਰਟ ਅਕਾਲ ਤਖ਼ਤ ਵਿਖੇ ਸੌਂਪੇ।