ਆਪਣਾ ਪੰਜਾਬ ਮੀਡੀਆ : ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਜੂਨ 1984 ਦੇ ਫ਼ੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਤੋਂ ਗਾਇਬ ਹੋਏ ਖ਼ਜ਼ਾਨੇ ਦਾ ਮੁੱਦਾ ਮੁੜ ਉਠਾਇਆ ਹੈ। ਉਨ੍ਹਾਂ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਰਕਾਰ ਇਸ ਸੰਵੇਦਨਸ਼ੀਲ ਮਾਮਲੇ ’ਤੇ ਆਪਣੀ ਸਥਿਤੀ ਸਪੱਸ਼ਟ ਕਰੇ।
ਪੱਤਰ ਵਿੱਚ ਗਿਆਨੀ ਰਘਬੀਰ ਸਿੰਘ ਨੇ ਇਸ ਮਾਮਲੇ ਨੂੰ ਸਿੱਖ ਭਾਵਨਾਵਾਂ ਨਾਲ ਜੁੜਿਆ ਗੰਭੀਰ ਅਤੇ ਸੰਵੇਦਨਸ਼ੀਲ ਮੁੱਦਾ ਦੱਸਿਆ ਹੈ। ਉਨ੍ਹਾਂ ਯਾਦ ਦਿਵਾਇਆ ਕਿ ‘ਸਾਕਾ ਨੀਲਾ ਤਾਰਾ’ ਵੇਲੇ ਸ੍ਰੀ ਹਰਿਮੰਦਰ ਸਾਹਿਬ ਸਥਿਤ ਲਾਇਬ੍ਰੇਰੀ ’ਚੋਂ ਸੈਂਕੜੇ ਸਾਲ ਪੁਰਾਣੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ, ਦੁਰਲੱਭ ਹੱਥ-ਲਿਖਤ ਖਰੜੇ, ਗੁਰੂ ਸਾਹਿਬਾਨ ਅਤੇ ਹੋਰ ਸਿੱਖ ਸ਼ਖ਼ਸੀਅਤਾਂ ਦੇ ਹੁਕਮਨਾਮੇ ਅਤੇ ਹੋਰ ਕਈ ਇਤਿਹਾਸਕ ਦਸਤਾਵੇਜ਼ ਜਾਂ ਤਾਂ ਗੁੰਮ ਹੋ ਗਏ ਸਨ ਜਾਂ ਫ਼ੌਜ ਵੱਲੋਂ ਜ਼ਬਤ ਕਰ ਲਏ ਗਏ ਸਨ। ਇਹ ਖ਼ਜ਼ਾਨਾ ਸਿੱਖ ਇਤਿਹਾਸ ਅਤੇ ਵਿਰਾਸਤ ਦਾ ਅਨਿੱਖੜਵਾਂ ਅੰਗ ਹੈ, ਜਿਸ ਦੀ ਗ਼ੈਰ-ਮੌਜੂਦਗੀ ਕੌਮ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

