ਸਰਹਿੰਦ ਨਹਿਰ ਸਮੇਤ ਨਹਿਰਾਂ ਨੂੰ ਪੱਕਾ ਕਰਨ ਦੀ ਯੋਜਨਾ ਰੱਦ ਕਰਨ ਦੀ ਮੰਗ
ਚੰਡੀਗੜ੍ਹ/ਲੁਧਿਆਣਾ : ਦਲਜੀਤ ਕੌਰ- ਆਪਣਾ ਪੰਜਾਬ ਮੀਡੀਆ: 3 ਜਨਵਰੀ, 2025: ਸੰਯੁਕਤ ਕਿਸਾਨ ਮੋਰਚਾ ਦੀਆਂ ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਵਿੱਚ ਕਿਸਾਨੀ ਸੰਘਰਸ਼ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈਕੇ ਦੇਸ਼ ਦੀ ਸਰਵ ਉੱਚ ਅਦਾਲਤ ਵਲੋਂ ਕੇਂਦਰ ਸਰਕਾਰ ਦੇ ਵਕੀਲ ਵਜੋਂ ਨਿਭਾਈ ਜਾ ਰਹੀ ਭੂਮਿਕਾ ਦਾ ਗੰਭੀਰ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਗਈ ਕਿ ਉਹ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਕੇਂਦਰ ਸਰਕਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਸਪੱਸ਼ਟ ਹਦਾਇਤਾਂ ਜਾਰੀ ਕਰੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਰਵ ਉੱਚ ਅਦਾਲਤ ਪੱਖਪਾਤੀ ਰਵੱਈਏ ਸਬੰਧੀ ਸਵਾਲਾਂ ਦੇ ਘੇਰੇ ਵਿੱਚ ਹੋਵੇਗੀ।
ਮੀਟਿੰਗ ਵਿੱਚ ਇੱਕ ਹੋਰ ਮਤਾ ਪਾਸ ਕਰਕੇ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਨਹਿਰਾਂ ਖਾਸ ਕਰਕੇ ਸਰਹਿੰਦ ਅਤੇ ਇੰਦਰਾ ਨਹਿਰ ਪੱਕੀਆਂ ਕਰਨ ਦੀ ਨੀਤੀ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਨਹਿਰਾਂ ਪੱਕੀਆਂ ਕਰਨ ਨਾਲ ਪਾਣੀ ਸਿੰਮਨ ਦਰ ਜ਼ੀਰੋ ਹੋ ਜਾਣ ਤੇ ਜ਼ਮੀਨ ਹੇਠਲੇ ਪਾਣੀ ਦੇ ਡੂੰਘਾ ਹੋ ਜਾਣ ਦਾ ਸੰਕਟ ਹੋਰ ਗੰਭੀਰ ਹੋ ਜਾਵੇਗਾ।