ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਫੌਰੀ ਪੈਰੋਲ ਰੱਦ ਕਰਕੇ ਉਸ ਨੂੰ ਮੁੜ ਜੇਲ੍ਹ ਭੇਜਣ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈ਼ਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਂਦਾ ਹੈ। ਸਿਆਸੀ ਲਾਹੇ ਲਈ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਜਾਂ ਪੈਰੋਲ ਦਿੱਤੀ ਜਾ ਰਹੀ ਹੈ, ਜਦਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਰਿਹਾਅ ਨਹੀਂ ਕੀਤਾ ਜਾ ਰਿਹਾ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਦੇ ਘਿਨਾਉਣੇ ਅਪਰਾਧਾਂ ਨੂੰ ਨਜ਼ਰਅੰਦਾਜ਼ ਕਰਕੇ ਪਹਿਲਾਂ ਵੀ ਚੋਣਾਂ ਸਮੇਂ ਪੈਰੋਲ ਦੇ ਚੁੱਕੀ ਹੈ।