ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਮਗਰੋਂ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਇਸ ’ਤੇ ਦੁੱਖ ਦਾ ਪ੍ਰਗਟਾਇਆ ਹੈ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਸਿੱਖ ਆਗੂਆਂ ਨੇ ਐਡਵੋਕੇਟ ਧਾਮੀ ਦੇ ਅਸਤੀਫ਼ੇ ਨੂੰ ਦੁਖਦਾਇਕ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਪੰਥਕ ਪਰੰਪਰਾਵਾਂ ਤੇ ਮਰਿਆਦਾ ਦੀ ਜਾਣਕਾਰੀ ਤੋਂ ਸੱਖਣੇ ਕੁਝ ਆਗੂਆਂ ਵੱਲੋਂ ਆਪਣੀ ਨਿੱਜੀ ਲਾਲਸਾ ਦੀ ਪੂਰਤੀ ਹਿੱਤ ਅਤੇ ਇੱਕ ਵਿਅਕਤੀ ਵਿਸ਼ੇਸ਼ ਦੀ ਰਾਜਨੀਤੀ ਨੂੰ ਜਿੰਦਾ ਰੱਖਣ ਲਈ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਥਕ ਸੋਚ ਦੀ ਤਰਜਮਾਨੀ ਕਰਨ ਵਾਲਿਆਂ ਨੂੰ ਜਲੀਲ ਕਰਕੇ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ ਜਾਂ ਫਿਰ ਅਜਿਹਾ ਦਬਾਅ ਬਣਾਇਆ ਜਾ ਰਿਹਾ ਹੈ ਕਿ ਵਿਅਕਤੀ ਖੁਦ ਹੀ ਮਜਬੂਰ ਹੋ ਕੇ ਬਾਹਰ ਚਲਾ ਜਾਵੇ। ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਕਿਹਾ ਕਿ ਬੇਬਸੀ ਅਤੇ ਆਤਮਾ ਉੱਤੇ ਬਣੇ ਭਾਰੀ ਬੋਝ ਕਾਰਨ ਸ੍ਰੀ ਧਾਮੀ ਨੇ ਅਸਤੀਫ਼ਾ ਦਿੱਤਾ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ’ਤੇ ਕਿੰਨਾ ਦਬਾਅ ਹੋਵੇਗਾ।