31 ਪੰਜਾਬੀਆਂ ਸਮੇਤ 112 ਹੋਰ ਭਾਰਤੀ ਡਿਪੋਰਟ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਅਮਰੀਕਾ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ 112 ਹੋਰ ਭਾਰਤੀਆਂ ਨੂੰ ਲੈ ਕੇ ਫੌਜ ਦਾ ਇੱਕ ਵਿਸ਼ੇਸ਼ ਜਹਾਜ਼ ਇਥੋਂ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ। ਟਰੰਪ ਪ੍ਰਸ਼ਾਸਨ ਵੱਲੋਂ ਗ਼ੈਰ-ਕਾਨੂੰਨੀ ਪਰਵਾਸੀਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਭਾਰਤੀਆਂ ਨੂੰ ਲੈ ਕੇ ਇਹ ਤੀਜਾ ਜਹਾਜ਼ ਪੁੱਜਿਆ ਹੈ। ਜਾਣਕਾਰੀ ਮੁਤਾਬਕ ਡਿਪੋਰਟ ਹੋਏ ਭਾਰਤੀ ਨਾਗਰਿਕਾਂ ਵਿੱਚ ਪੰਜਾਬ ਦੇ 31, ਹਰਿਆਣਾ ਦੇ 44, ਗੁਜਰਾਤ ਦੇ 33, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਇੱਕ-ਇੱਕ ਅਤੇ ਉੱਤਰ ਪ੍ਰਦੇਸ਼ ਦੇ ਦੋ ਨਾਗਰਿਕ ਸ਼ਾਮਲ ਹਨ। ਅੱਜ ਪਰਤੇ ਭਾਰਤੀ ਨਾਗਰਿਕਾਂ ਵਿੱਚ 19 ਮਹਿਲਾਵਾਂ ਅਤੇ 14 ਨਾਬਾਲਗ ਵੀ ਸ਼ਾਮਲ ਹਨ। ਉਨ੍ਹਾਂ ਨੂੰ ਟਿਕਾਣਿਆਂ ’ਤੇ ਪਹੁੰਚਾਉਣ ਲਈ ਉਚੇਚੇ ਤੌਰ ’ਤੇ ਪ੍ਰਬੰਧ ਕੀਤੇ ਗਏ ਹਨ।