ਮੁਲਜ਼ਮਾਂ ਨੂੰ ਪਰਿਵਾਰਕ ਮੈਂਬਰਾਂ ਨਾਲ ਮਿਲਣ ਦੀ ਨਹੀਂ ਦਿੱਤੀ ਇਜਾਜ਼ਤ
ਅੰਮ੍ਰਿਤਸਰ/ਅਜਨਾਲਾ : ਆਪਣਾ ਪੰਜਾਬ ਮੀਡੀਆ : ਕੌਮੀ ਸੁਰੱਖਿਆ ਐਕਟ (NSA) ਹਟਾਏ ਜਾਣ ਮਗਰੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵਾਪਸ ਪੰਜਾਬ ਲਿਆਂਦੇ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਪੁਲੀਸ ਨੇ ਉਨ੍ਹਾਂ ਦਾ ਚਾਰ ਦਿਨਾ ਰਿਮਾਂਡ ਹਾਸਲ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਮੋਬਾਈਲ ਤੇ ਹਥਿਆਰ ਬਰਾਮਦ ਕਰਨ ਦੀ ਦਲੀਲ ਦਿੱਤੀ ਸੀ। ਮੁਲਜ਼ਮਾਂ ਨੂੰ ਹੁਣ 25 ਮਾਰਚ ਨੂੰ ਮੁੜ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਉਂਝ ਪੁਲੀਸ ਨੇ ਸੱਤ ਦਿਨਾ ਰਿਮਾਂਡ ਦੀ ਮੰਗ ਕੀਤੀ ਸੀ।
ਡੀਐੱਸਪੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਪੁੱਛਗਿੱਛ ਵਾਸਤੇ ਚਾਰ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਜਨਾਲਾ ਪੁਲੀਸ ਸਟੇਸ਼ਨ ’ਤੇ ਹਮਲੇ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਐਫਆਈਆਰ 39 ਦੇ ਸਬੰਧ ਵਿੱਚ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਗਏ ਸੱਤ ਮੁਲਜ਼ਮਾਂ ਵਿਚ ਬਸੰਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਗਿੱਲ, ਸਰਬਜੀਤ ਸਿੰਘ ਕਲਸੀ ਉਰਫ ਦਲਜੀਤ ਸਿੰਘ, ਗੁਰਿੰਦਰ ਪਾਲ ਸਿੰਘ ਔਜਲਾ, ਹਰਜੀਤ ਸਿੰਘ ਉਰਫ ਚਾਚਾ ਅਤੇ ਕੁਲਵੰਤ ਸਿੰਘ ਸ਼ਾਮਲ ਹਨ।