ਕਿਸਾਨਾਂ ਵੱਲੋਂ 8 ਜਾਂ 9 ਫਰਵਰੀ ਨੂੰ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਪ੍ਰਦਰਸ਼ਨ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ ਵਿੱਚ ਤਹਿਸੀਲ ਪੱਧਰ ’ਤੇ ਟਰੈਕਟਰ ਮਾਰਚ ਕੀਤੇ ਗਏ। ਇਨ੍ਹਾਂ ਟਰੈਕਟਰ ਮਾਰਚਾਂ ਵਿੱਚ ਪੰਜਾਬ ਭਰ ’ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵੱਡੀ ਗਿਣਤੀ ਆਗੂਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕੇਂਦਰ ਸਰਕਾਰ ਦੇ ਕਿਸਾਨ-ਮਜ਼ਦੂਰ ਵਿਰੋਧੀ ਰਵੱਈਏ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਵਿੱਚ 8 ਜਾਂ 9 ਫਰਵਰੀ ਨੂੰ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਪ੍ਰਦਰਸ਼ਨ ਕਰਨ ਅਤੇ 5 ਮਾਰਚ ਤੋਂ ਸੂਬਿਆਂ ਦੀਆਂ ਰਾਜਧਾਨੀਆਂ ਵਿੱਚ ਪੱਕੇ ਮੋਰਚੇ ਲਈ ਅੱਜ ਤੋਂ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਰੱਦ ਕਰਨ ਅਤੇ ਇਸ ਵਿਰੁੱਧ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਿੱਚ ਮਤੇ ਪਾਸ ਕਰਨ, ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਫ਼ਸਲਾਂ ਦੀ ਖਰੀਦ ਦੀ ਗਾਰੰਟੀ ਦਿੰਦਾ ਕਾਨੂੰਨ ਬਣਾਉਣ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਦਿੱਲੀ ਮੋਰਚੇ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ।