ਰਜਿਸਟਰੇਸ਼ਨ ਨਾ ਕਰਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਵਾਸ਼ਿੰਗਟਨ : ਆਪਣਾ ਪੰਜਾਬ ਮੀਡੀਆ : ਟਰੰਪ ਪ੍ਰਸ਼ਾਸਨ ਨੇ ਅਮਰੀਕਾ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਦੀ ਰਜਿਸਟਰੇਸ਼ਨ ਲਈ ਪ੍ਰਕਿਰਿਆ ਸ਼ੁਰੂ ਕੀਤੀ ਹੈ। ਅਮਰੀਕੀ ਇਮੀਗਰੇਸ਼ਨ ਅਧਿਕਾਰੀਆਂ ਨੇ ਕਿਹਾ ਕਿ ਜਿਹੜੇ ਲੋਕ ਖੁਦ ਅੱਗੇ ਨਹੀਂ ਆਉਣਗੇ, ਉਨ੍ਹਾਂ ਨੂੰ ਜੁਰਮਾਨਾ ਜਾਂ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੋਮਲੈਂਡ ਸਕਿਊਰਿਟੀ ਵਿਭਾਗ ਨੇ ਬਿਆਨ ’ਚ ਕਿਹਾ ਅਮਰੀਕਾ ’ਚ ਗ਼ੈਰ-ਕਾਨੂੰਨੀ ਢੰਗ ਨਾਲ ਰਹਿਣ ਵਾਲੇ ਹਰੇਕ ਵਿਅਕਤੀ ਨੂੰ ਰਜਿਸਟਰੇਸ਼ਨ ਕਰਵਾ ਕੇ ਫਿੰਗਰਪ੍ਰਿੰਟ ਅਤੇ ਆਪਣਾ ਪਤਾ ਦੇਣਾ ਹੋਵੇਗਾ।ਉਨ੍ਹਾਂ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਜਾਇਜ਼ ਠਹਿਰਾਉਂਦਿਆਂ ਗੁੰਝਲਦਾਰ ਇਮੀਗਰੇਸ਼ਨ ਅਤੇ ਕੌਮੀਅਤ ਐਕਟ ਦੀ ਇਕ ਧਾਰਾ ਦਾ ਹਵਾਲਾ ਦਿੱਤਾ ਜੋ 14 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ’ਤੇ ਲਾਗੂ ਹੋਵੇਗੀ। ਇਹ ਐਲਾਨ ਅਜਿਹੇ ਸਮੇਂ ਹੋਇਆ ਹੈ ਜਦੋਂ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਵੱਡੇ ਪੱਧਰ ’ਤੇ ਅਮਰੀਕਾ ’ਚੋਂ ਕੱਢਿਆ ਜਾ ਰਿਹਾ ਹੈ।