ਓਵਲ ਦਫ਼ਤਰ ਵਿੱਚ ਜੇਲੈਂਸਕੀ ਨਾਲ ਤਲਖ਼ੀ ਮਗਰੋਂ ਅਮਰੀਕੀ ਰਾਸ਼ਟਰਪਤੀ ਨੇ ਲਿਆ ਫ਼ੈਸਲਾ
ਨਿਊਯਾਰਕ/ਵਾਸ਼ਿੰਗਟਨ : ਆਪਣਾ ਪੰਜਾਬ ਮੀਡੀਆ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਹਰ ਤਰ੍ਹਾਂ ਦੀ ਅਮਰੀਕੀ ਫੌਜੀ ਸਹਾਇਤਾ ਦੀ ਸਪਲਾਈ ਤੁਰੰਤ ਅਸਥਾਈ ਤੌਰ ’ਤੇ ਰੋਕ ਦਿੱਤੀ ਹੈ। ਟਰੰਪ ਦਾ ਇਹ ਫ਼ੈਸਲਾ ਅਮਰੀਕੀ ਰਾਸ਼ਟਰਪਤੀ ਦੇ ਓਵਲ ਦਫ਼ਤਰ ਵਿੱਚ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨਾਲ ਤਲਖ਼ੀ ਮਗਰੋਂ ਆਇਆ ਹੈ। ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਕਿ ਟਰੰਪ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਹਰ ਤਰ੍ਹਾਂ ਦੀ ਅਮਰੀਕੀ ਫੌਜੀ ਸਹਾਇਤਾ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਹੈ ਅਤੇ ਇਹ ਆਦੇਸ਼ ਫੌਰੀ ਲਾਗੂ ਹੋ ਗਿਆ ਹੈ। ਇਸ ਨਾਲ ਇੱਕ ਅਰਬ ਅਮਰੀਕੀ ਡਾਲਰ ਤੋਂ ਵੱਧ ਮੁੱਲ ਦੇ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਸਪਲਾਈ ਪ੍ਰਭਾਵਿਤ ਹੋਵੇਗੀ।