ਖਾਲੀ ਭਾਂਡਾ ਜ਼ਿਆਦਾ ਖੜਕਦੈ: ਮੰਤਰੀ ਬਿੱਟੂ
ਲੁਧਿਆਣਾ/ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਖਾਲੀ ਭਾਂਡਾ ਜ਼ਿਆਦਾ ਖੜਕਦਾ ਹੈ, ਇਹ ਕਹਾਵਤ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ’ਤੇ ਢੁਕਵੀਂ ਲਾਗੂ ਹੁੰਦੀ ਹੈ। ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਮਜ਼ਾਕ ਉਡਾਇਆ ਹੈ। ਇਹ ਵਿਚਾਰ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ’ਤੇ ਪ੍ਰਗਟਾਏ। ਬਿੱਟੂ ਨੇ ਕਿਹਾ ਕਿ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਸੱਤਾ ਵਿੱਚ ਰਹਿਣ ਦੇ ਬਾਵਜੂਦ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੀ ਹੈ।
ਸਿਰਫ਼ ਤਿੰਨ ਸਾਲਾਂ ਵਿੱਚ ‘ਆਪ’ ਸਰਕਾਰ ਨੇ ਸੂਬੇ ਦੇ ਕਰਜ਼ੇ ਵਿੱਚ ਲਗਪਗ 1 ਲੱਖ ਕਰੋੜ ਰੁਪਏ ਦਾ ਵਾਧਾ ਕੀਤਾ ਹੈ ਜੋ ਕਿ ਪਿਛਲੇ 30 ਸਾਲਾਂ ਵਿੱਚ ਇਕੱਠੇ ਹੋਏ 3 ਲੱਖ ਕਰੋੜ ਰੁਪਏ ਦੇ ਬਰਾਬਰ ਹੈ। ਵੱਧ ਰਹੇ ਅਪਰਾਧ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਜਟ ਵਿੱਚ ਕੋਈ ਗੱਲ ਨਹੀਂ ਹੈ।