ਆਪਣਾ ਪੰਜਾਬ ਮੀਡੀਆ : ਅਮਰੀਕਾ ਦੇ ਸੂਬੇ ਟੈਕਸਾਸ ਤੋਂ ਭਾਰਤੀ ਪੇਸ਼ੇਵਰਾਂ ਅਤੇ ਵਿਦਿਆਰਥੀਆਂ ਲਈ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਟੈਕਸਾਸ ਦੇ ਗਵਰਨਰ ਗ੍ਰੇਗ ਐਬਟ ਨੇ ਸੂਬੇ ਦੀਆਂ ਸਾਰੀਆਂ ਸਰਕਾਰੀ ਏਜੰਸੀਆਂ ਅਤੇ ਜਨਤਕ ਯੂਨੀਵਰਸਿਟੀਆਂ ਵੱਲੋਂ ਨਵੀਆਂ H-1B ਵੀਜ਼ਾ ਪਟੀਸ਼ਨਾਂ ਦਾਇਰ ਕਰਨ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਗਵਰਨਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਇਹ ਫੈਸਲਾ ਮਈ 2027 ਤੱਕ ਲਾਗੂ ਰਹੇਗਾ। ਹੁਣ ਕੋਈ ਵੀ ਸਰਕਾਰੀ ਸੰਸਥਾ ਜਾਂ ਯੂਨੀਵਰਸਿਟੀ ਟੈਕਸਾਸ ਵਰਕਫੋਰਸ ਕਮਿਸ਼ਨ ਦੀ ਲਿਖਤੀ ਮਨਜ਼ੂਰੀ ਤੋਂ ਬਿਨਾਂ ਨਵੀਂ H-1B ਵੀਜ਼ਾ ਅਰਜ਼ੀ ਦਾਇਰ ਨਹੀਂ ਕਰ ਸਕੇਗੀ। ਗਵਰਨਰ ਐਬਟ ਦਾ ਕਹਿਣਾ ਹੈ ਕਿ ਇਹ ਕਦਮ H-1B ਵੀਜ਼ਾ ਪ੍ਰੋਗਰਾਮ ਵਿੱਚ ਹੋ ਰਹੀ ਕਥਿਤ ਦੁਰਵਰਤੋਂ ਨੂੰ ਰੋਕਣ ਅਤੇ ਅਮਰੀਕੀ ਨੌਕਰੀਆਂ ਨੂੰ ਅਮਰੀਕੀ ਕਰਮਚਾਰੀਆਂ ਲਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।

