ਵਕਫ਼ ਬਿੱਲ ਘੱਟਗਿਣਤੀ ਮਾਮਲਿਆਂ ’ਚ ਸਿੱਧੀ ਦਖ਼ਲਅੰਦਾਜ਼ੀ: ਪ੍ਰਧਾਨ ਹਰਜਿੰਦਰ ਧਾਮੀ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪਾਸ ਕੀਤੇ ਵਕਫ਼ ਸੋਧ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ ਵਿਚ ਲਏ ਬਿਨਾਂ ਲਿਆਂਦਾ ਗਿਆ ਹੈ, ਜਿਸ ਨਾਲ ਵੱਡਾ ਵਿਵਾਦ ਬਣਿਆ ਹੈ। ਧਾਮੀ ਨੇ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਸਰਕਾਰ ਦੀ ਮਨਸ਼ਾ ਘੱਟਗਿਣਤੀਆਂ ਦੇ ਅਧਿਕਾਰਾਂ ਨੂੰ ਖ਼ਤਮ ਕਰਕੇ ਪ੍ਰਬੰਧਾਂ ਨੂੰ ਆਪਣੇ ਅਨੁਸਾਰ ਚਲਾਉਣ ਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਘੱਟਗਿਣਤੀਆਂ ਦੇ ਹੱਕ-ਹਕੂਕ ਸੁਰੱਖਿਅਤ ਰੱਖਣ ਦੀ ਹਾਮੀ ਰਹੀ ਹੈ ਅਤੇ ਉਹ ਘੱਟਗਿਣਤੀ ਭਾਈਚਾਰੇ ਦੇ ਹੱਕਾਂ ਖਿਲਾਫ਼ ਲਏ ਗਏ ਕਿਸੇ ਵੀ ਫੈਸਲੇ ਦਾ ਵਿਰੋਧ ਕਰਦੀ ਹੈ। ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਵੀ ਘੱਟਗਿਣਤੀਆਂ ਨੂੰ ਦਬਾਉਣ ਦੀ ਨੀਤੀ ਤਹਿਤ ਦੇਸ਼ ਅੰਦਰ ਸਾਂਝਾ ਸਿਵਲ ਕੋਡ (ਯੂਸੀਸੀ) ਲਿਆਂਦਾ ਸੀ, ਜੋ ਵੱਖ-ਵੱਖ ਕੌਮਾਂ, ਧਰਮਾਂ ਦੇ ਨਿੱਜੀ ਕਾਨੂੰਨਾਂ ਅਤੇ ਧਾਰਮਿਕ ਅਕੀਦਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਸੀ।