ਅਮਰੀਕੀ ਅਰਥਵਿਵਸਥਾ ਨੂੰ ਅਲਵਿਦਾ ਕਹਿਣ ਲਈ ਤਿਆਰ ਰਹਿਣ : ਟਰੰਪ
ਵਾਸ਼ਿੰਗਟਨ : ਆਪਣਾ ਪੰਜਾਬ ਮੀਡੀਆ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੁੜ ਚਿਤਾਵਨੀ ਦਿੱਤੀ ਹੈ ਕਿ ਜੇ ਬ੍ਰਿਕਸ ਦੇਸ਼ ਕੌਮਾਂਤਰੀ ਵਪਾਰ ਵਿੱਚ ਅਮਰੀਕੀ ਡਾਲਰ ਦੀ ਬਜਾਏ ਕਿਸੇ ਹੋਰ ਮੁਦਰਾ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰਨਗੇ ਤਾਂ ਉਹ ਉਨ੍ਹਾਂ ’ਤੇ 100 ਫ਼ੀਸਦ ਟੈਕਸ ਲਾ ਦੇਣਗੇ। ਟਰੰਪ ਨੇ ਕਿਹਾ ਕਿ ਬ੍ਰਿਕਸ ਦੇਸ਼ ‘ਕੋਈ ਹੋਰ ਮੂਰਖ ਦੇਸ਼’ ਲੱਭ ਲੈਣ। ਅਮਰੀਕੀ ਰਾਸ਼ਟਰਪਤੀ ਨੇ ਅੱਜ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਟਰੁੱਥ ਸੋਸ਼ਲ’ ’ਤੇ ਕਿਹਾ, ‘ਬ੍ਰਿਕਸ ਦੇਸ਼ ਡਾਲਰ ਤੋਂ ਦੂਰ ਜਾਣ ਦੀ ਕੋਸ਼ਿਸ਼ ਕਰਨ ਅਤੇ ਅਸੀਂ ਖੜ੍ਹੇ ਹੋ ਕੇ ਬਸ ਦੇਖਦੇ ਰਹੀਏ, ਇਸ ਤਰ੍ਹਾਂ ਦੇ ਵਿਚਾਰਾਂ ਵਾਲੇ ਦਿਨ ਖ਼ਤਮ ਹੋ ਚੁੱਕੇ ਹਨ।’ ਉਨ੍ਹਾਂ ਕਿਹਾ ਕਿ ਉਹ ਬ੍ਰਿਕਸ ਦੇਸ਼ਾਂ ਤੋਂ ਇਹ ਵਚਨਬੱਧਤਾ ਚਾਹੁੰਦੇ ਹਨ ਕਿ ਨਾ ਤਾਂ ਉਹ ਨਵੀਂ ਬ੍ਰਿਕਸ ਮੁਦਰਾ ਬਣਾਉਣਗੇ ਅਤੇ ਨਾ ਹੀ ਅਮਰੀਕੀ ਡਾਲਰ ਤੋਂ ਇਲਾਵਾ ਕਿਸੇ ਹੋਰ ਮੁਦਰਾ ਦਾ ਸਮਰਥਨ ਕਰਨਗੇ।